ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹੇਗਾ | ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ 'ਤੇ ਪਾਬੰਦੀ ਲਾਗੂ ਨਹੀਂ ਹੋਵੇਗੀ |