ਖਮਾਣੋਂ, 5 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਨੇ ਕਿਹਾ ਕਿ ਅੱਜ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕੁਦਰਤ ਦਾ ਕਹਿਰ ਹੈ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਵਿਚ ਜ਼ਿੰਮੇਵਾਰ ਹੈ, ਕਿਉਂਕਿ ਸਰਕਾਰ ਨੂੰੰ ਇਸ ਸੰਬੰਧੀ ਪਹਿਲਾਂ ਹੀ ਵੱਡੇ ਪੱਧਰ ਉੱਤੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ, ਕਿਉਂਕਿ ਲੋਕਾਂ ਨੂੰ ਇਨ੍ਹਾਂ ਹੜ੍ਹਾਂ ਕਾਰਨ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀ ਕੇਂਦਰ ਸਰਕਾਰ ਬਾਰੇ ਕਿਹਾ ਕਿ ਹੁਣ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਲਈ ਕੋਈ ਵੱਡੇ ਪੈਕਜ ਦਾ ਐਲਾਨ ਨਹੀਂ ਕੀਤਾ ਜਿਸ ਕਾਰਨ ਸਮੂਹ ਪੰਜਾਬੀਆਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਸਾਰ ਲਈ ਜਾਵੇ ਅਤੇ ਪੰਜਾਬ ਲਈ ਵੱਡਾ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ |