ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ, ਜਿਸ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਅਤੇ ਆਮ ਜਨ-ਜੀਵਨ ਨੂੰ ਠੱਪ ਕਰ ਦਿੱਤਾ, ਦੇ ਸਮੇਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਏਕਤਾ ਤੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਆਪਣੇ ਸਮੂਹ ਸਟਾਫ਼ ਮੈਂਬਰਾਂ ਦੀ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਿਲੀਫ ਫ਼ੰਡ ਵਿਚ ਭੇਟ ਕੀਤੀ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਹੜ੍ਹ ਰਾਹਤ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਨੂੰ 5,80,580 ਰੁਪਏ ਦਾ ਚੈੱਕ ਭੇਟ ਕੀਤਾ | ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਤੋਂ ਹੀ ਪ੍ਰਭਾਵਿਤ ਭਾਈਚਾਰਿਆਂ ਨੂੰ ਆਸਰਾ, ਭੋਜਨ, ਦਵਾਈਆਂ ਅਤੇ ਜ਼ਰੂਰੀ ਸਹਾਇਤਾ ਪ੍ਰਦਾਨ ਕਰਦੇ ਹੋਏ ਮਾਨਵਤਾਵਾਦੀ ਸੇਵਾ ਵਿਚ ਸਭ ਤੋਂ ਅੱਗੇ ਰਹੀ ਹੈ, ਇਸ ਲਈ ਸੰਕਟ ਦੇ ਸਮੇਂ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪੀੜਤ ਲੋਕਾਂ ਦੇ ਨਾਲ ਖੜ੍ਹੇ ਹੋਈਏ | ਇਸ ਤੋਂ ਪਹਿਲਾਂ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਚੈੱਕ ਸੌਂਪਦੇ ਹੋਏ ਕਿਹਾ ਕਿ ਕਿਸੇ ਵੀ ਸੰਕਟ ਦੇ ਸਮੇਂ ਕਾਲਜ ਦੀ ਭਾਈਚਾਰਕ ਸੇਵਾ ਦੀ ਸ਼ੁਰੂ ਤੋਂ ਪਰੰਪਰਾ ਰਹੀ ਹੈ ਅਤੇ ਇਹ ਕਦਮ ਨਾ ਸਿਰਫ਼ ਹੜ੍ਹ ਪੀੜਤਾਂ ਦੇ ਦੁੱਖਾਂ ਨੂੰ ਘਟਾਉਣ ਦੀ ਕੋਸ਼ਿਸ਼ ਹੈ, ਸਗੋਂ ਸਮਾਜ ਨੂੰ ਇਹ ਸੰਦੇਸ਼ ਵੀ ਦਿੰਦਾ ਹੈ ਕਿ ਜਦੋਂ ਵੀ ਕੌਮ ਮੁਸੀਬਤ ਵਿਚ ਹੋਵੇ, ਸਾਡੀ ਸਾਂਝੀ ਮਨੁੱਖਤਾ ਅਤੇ ਨਿਸ਼ਕਾਮ ਸੇਵਾ ਹੀ ਸਭ ਤੋਂ ਵੱਡੀ ਤਾਕਤ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਡੀ ਕੌਮ ਦੀ ਰੂਹ 'ਸਰਬੱਤ ਦਾ ਭਲਾ' ਅਤੇ 'ਨਿਸ਼ਕਾਮ ਸੇਵਾ ਭਾਵਨਾ' ਦੇ ਸੁਨੇਹੇ ਨਾਲ ਜੁੜੀ ਹੋਈ ਹੈ, ਇਸ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਰਾਹਤ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ |