ਬਸੀ ਪਠਾਣਾਂ, 6 ਸਤੰਬਰ (ਮੌਦਗਿਲ)-ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਤਾਂਗੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਮਿਹਨਤੀ ਆਗੂਆਂ ਦਾ ਸਨਮਾਨ ਕਰਦੀ ਹੈ | ਉਨ੍ਹਾਂ ਕਿਹਾ ਕਿ ਡਾ. ਮਨੋਹਰ ਸਿੰਘ ਦਾ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਡਾ. ਮਨਮੋਹਨ ਸਿੰਘ ਫੈਲੋ ਪ੍ਰੋਗਰਾਮ ਲਈ ਚੁਣਿਆ ਜਾਣਾ ਇਸ ਗੱਲ ਦਾ ਸਬੂਤ ਹੈ | ਤਾਂਗੜੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ 'ਚ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾ ਰਹੇ ਆਗੂ ਡਾ. ਮਨੋਹਰ ਸਿੰਘ ਨੂੰ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ ਸਦਕਾ ਮਿਲੀ ਹੈ | ਜਿਸ ਦੇ ਲਈ ਉਹ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਅਰੁਜਨ ਖੜਗੇ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦਾ ਇਹ ਅਹਿਮ ਪ੍ਰੋਗਰਾਮ ਨਾ ਸਿਰਫ਼ ਪਾਰਟੀ ਨੂੰ ਪੂਰੇ ਦੇਸ਼ ਵਿਚ ਮਜ਼ਬੂਤ ਕਰੇਗਾ, ਬਲਕਿ ਇਕ ਆਧੁਨਿਕ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਭਾਰਤ ਬਣਾਉਣ 'ਚ ਮਦਦ ਵੀ ਕਰੇਗਾ | ਤਾਂਗੜੀ ਨੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹਾਂ ਦੀ ਤਰਾਸਦੀ ਦੌਰਾਨ ਹਰ ਫ਼ਰੰਟ ਤੇ ਫ਼ੇਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕ 2027 ਵਿਚ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਡਾ. ਮਨੋਹਰ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਨਾਲ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ |