ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਰਾਜਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ 'ਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਪੜ੍ਹਾਈ ਅਤੇ ਹੁਨਰ ਦੇ ਆਧਾਰ 'ਤੇ ਲਗਾਤਾਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਮਿਥੇ ਟੀਚੇ ਨੂੰ ਹਾਸਲ ਕਰਨ ਲਈ ਨਿਰੰਤਰ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗਾਂ ਨਾਲ ਤਾਲਮੇਲ ਕਰ ਕੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਅੰਦਰ ਵਿਭਾਗ ਵਲੋਂ ਲਗਾਏ ਗਏ ਹੁਣ 29 ਪਲੇਸਮੈਂਟ ਕੈਂਪਾਂ ਦੌਰਾਨ 1919 ਪ੍ਰਾਰਥੀਆਂ ਦੀ ਚੋਣ ਵੱਖ-ਵੱਖ ਕੰਪਨੀਆਂ ਵਲੋਂ ਕੀਤੀ ਗਈ | ਇਸ ਤੋਂ ਇਲਾਵਾ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਉੱਤੇ ਕਰਜ਼ਾ ਮੁਹੱਈਆ ਕਰਵਾ ਕੇ 263 ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਇਆ ਗਿਆ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਬੇਰੁਜ਼ਗਾਰ ਵਿਅਕਤੀ, ਵਿਭਾਗ ਦੇ ਆਨਲਾਈਨ ਪੋਰਟਲ 'ਤੇ ਜਾਂ ਫ਼ਿਰ ਹੈਲਪ ਲਾਈਨ ਨੰਬਰ ਉੱਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰਵਾ ਸਕਦਾ ਹੈ |