ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਦਸੰਬਰ ਮਹੀਨੇ 'ਚ ਲੱਗਣ ਵਾਲੀ ਸਾਲਾਨਾ ਸ਼ਹੀਦੀ ਸਿੰਘ ਸਭਾ ਤੋਂ ਪਹਿਲਾਂ-ਪਹਿਲਾਂ ਪਟਿਆਲਾ ਤੋਂ ਸਰਹਿੰਦ ਤੱਕ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਸੜਕੀ ਆਵਾਜਾਈ ਰਾਹੀਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਭਗਵੰਤ ਮਾਨ, ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਪ੍ਰਬੰਧਾਂ ਦਾ ਹਵਾਲਾ ਦੇ ਕੇ ਲਿਖੇ ਪੱਤਰ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਹਿੰਦ ਦੀ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਨਮਨ ਕਰਨ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਦੀਆਂ ਹਨ ਅਤੇ 1 ਨਵੰਬਰ ਤੋਂ ਲੈ ਕੇ 15 ਜਨਵਰੀ ਤੱਕ ਵੱਡੇ ਪੱਧਰ 'ਤੇ ਸੰਗਤਾਂ ਦੀ ਇੱਥੇ ਆਮਦ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਤੋਂ ਸਰਹਿੰਦ ਤੱਕ ਬਣਨ ਵਾਲੀ ਚਹੁੰਮਾਰਗੀ ਸੜਕ ਦੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ |