ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਬਲਾਕ ਖੇੜਾ ਦੇ ਪਿੰਡ-ਖੇੜਾ ਅਤੇ ਬੋਰਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ | ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਕੁੱਝ ਮਾਮਲੇ ਸਾਹਮਣੇ ਆਏ ਸਨ, ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਮਾਹਿਰਾਂ ਦੀ ਟੀਮ ਸਮੇਤ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਵਿਚਲੇ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਜਦੋਂ ਕਿ ਪਰਾਲੀ ਨੂੰ ਜ਼ਮੀਨ ਵਿਚ ਰਲਾਉਣ ਨਾਲ ਫ਼ਸਲਾਂ ਨੂੰ ਖਾਦਾਂ ਦੀ ਘੱਟ ਲੋੜ ਪੈਂਦੀ ਹੈ, ਜਿਸ ਕਾਰਨ ਕਿਸਾਨਾਂ ਦੇ ਖ਼ਰਚੇ ਘਟਦੇ ਹਨ ਅਤੇ ਆਮਦਨ ਵਿਚ ਵਾਧਾ ਹੁੰਦਾ ਹੈ | ਜ਼ਮੀਨ ਵਿਚ ਪਰਾਲੀ ਨੂੰ ਮਿਲਾਉਣ ਨਾਲ ਫ਼ਸਲਾਂ ਦੇ ਝਾੜ ਵਿਚ ਵੀ ਵਾਧਾ ਹੁੰਦਾ ਹੈ | ਕੰਬਾਈਨ ਪਿੱਛੇ ਐਸ.ਐਮ.ਐਸ. ਸਿਸਟਮ ਲਗਾ ਕੇ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਜਾਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਨਾਲ ਜਿੱਥੇ ਪਰਾਲੀ ਨੂੰ ਖੇਤ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਵਾਤਾਵਰਨ ਪ੍ਰਦੂਸ਼ਣ ਤੋਂ ਛੁਟਕਾਰਾ ਵੀ ਪਾਇਆ ਜਾ ਸਕਦਾ ਹੈ | ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ | ਇਸ ਮੌਕੇ ਹਰਮਨਜੀਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਰਵਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਖੇੜਾ, ਗਗਨਦੀਪ ਸਿੰਘ ਅਤੇ ਰਾਜਵੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਹਾਜ਼ਰ ਸਨ |