ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨੇ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਸਰਪ੍ਰਸਤ ਸ੍ਰੀ ਗੰਗਾ ਰਾਮ ਦੇ ਦਫ਼ਤਰ ਵਿਖੇ ਕਿਹਾ ਕਿ ਝੋਨੇ ਦੇ ਸੀਜ਼ਨ ਸੰਬੰਧੀ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸੰਬੰਧੀ ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨ ਹਿਤੈਸ਼ੀ ਹੈ ਅਤੇ ਕਿਸਾਨਾਂ ਦਾ ਝੋਨੇ ਦਾ ਇਕ-ਇਕ ਦਾਣਾ ਸਮੇਂ ਸਿਰ ਮੰਡੀਆਂ ਵਿਚੋਂ ਚੁੱਕ ਕੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸਰਪ੍ਰਸਤ ਸ੍ਰੀ ਗੰਗਾ ਰਾਮ ਵਲੋਂ ਜ਼ੀਰੀ ਦੇ ਚੱਲ ਰਹੇ ਸੀਜ਼ਨ ਸੰਬੰਧੀ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਜਾਣੂ ਕਰਵਾਇਆ ਗਿਆ ਅਤੇ ਫ਼ਸਲ ਦੀ ਚੁਕਾਈ ਅਤੇ ਪੇਮੈਂਟ ਸਮੇਂ ਸਿਰ ਕੀਤੇ ਜਾਣ ਦੀ ਮੰਗ ਕੀਤੀ |