ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਪੱਤਰ ਪ੍ਰੇਰਕ)-ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਵਲੋਂ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਰਸੇਮ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਸਰਹਿੰਦ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਅਤੇ ਸਰਹਿੰਦ ਦੇ ਸਾਰੇ ਮੈਂਬਰਾਂ ਨੇ ਸਮਾਗਮ ਵਿਚ ਹਾਜ਼ਰੀ ਲਗਵਾਈ | ਇਸ ਮੌਕੇ ਸੂਬਾ ਪ੍ਰਧਾਨ ਤਰਸੇਮ ਸੈਣੀ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਇਸ ਵਾਰੀ ਬਿਮਾਰੀ ਪੈਣ ਕਰਕੇ ਪਹਿਲਾਂ ਹੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਹੋਈ ਝੋਨੇ ਦੀ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਤੇ ਖੇਤਾਂ ਵਿਚ ਖੜੇ੍ਹ ਗਿੱਲੇ ਝੋਨੇ ਨੂੰ ਨਾ ਕੱਟਿਆ ਜਾਵੇ, ਕਿਉਂਕਿ ਇਸ ਨਾਲ ਝੋਨੇ ਦੀ ਕੁਆਲਿਟੀ ਖ਼ਰਾਬ ਹੋਣ ਅਤੇ ਦਾਣਾ ਕੱਟੇ ਜਾਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਵਲੋਂ ਕਿਸਾਨਾਂ ਦਾ ਹਰ ਪੱਖ ਤੋਂ ਸਾਥ ਦਿੱਤਾ ਜਾਵੇਗਾ | ਇਸ ਮੌਕੇ 'ਤੇ ਦਰਬਾਰਾ ਸਿੰਘ ਰੰਧਾਵਾ, ਵਿਨੋਦ ਕੁਮਾਰ, ਸਤੀਸ਼ ਕੁਮਾਰ, ਮਨੋਜ ਕੁਮਾਰ, ਲਾਲੀ ਵਾਲੀਆ, ਗੁਰਪ੍ਰੀਤ ਸਿੰਘ ਬੈਂਸ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਗੁਰਪ੍ਰੀਤ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ |