ਬਸੀ ਪਠਾਣਾਂ, 26 ਸਤੰਬਰ (ਐਚ.ਐਸ. ਗੌਤਮ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ | ਡਾ. ਨਵਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ-ਨਾਲੀਆਂ ਵਿਚ ਇਕੱਠਾ ਹੋਣ ਅਤੇ ਘਰਾਂ, ਦੁਕਾਨਾਂ ਅਤੇ ਹੋਰ ਥਾਵਾਂ ਗਮਲੇ, ਕੂਲਰ, ਟਾਇਰ, ਘੜੇ, ਫ਼ਰਿਜ ਦੀਆਂ ਟਰੇਆਂ ਵਿਚ ਜ਼ਿਆਦਾ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ, ਮਲੇਰੀਆ ਫੈਲਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਉਕਤ ਬਿਮਾਰੀਆਂ ਦੇ ਲੱਛਣ ਅਤੇ ਇਲਾਜ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਆਮ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ |