ਬਸੀ ਪਠਾਣਾਂ, 26 ਸਤੰਬਰ (ਐਚ.ਐਸ.ਗੌਤਮ)-ਸਬ ਡਵੀਜ਼ਨ ਬਸੀ ਪਠਾਣਾਂ ਦੇ ਪਿੰਡਾਂ 'ਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਸਰਕਾਰ ਵਲੋਂ ਸਬਸਿਡੀ ਉੱਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਐਸ.ਡੀ.ਐਮ. ਹਰਵੀਰ ਕੌਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਐਸ.ਡੀ.ਐਮ ਨੇ ਕਿਸਾਨਾਂ ਨੂੰ ਝੋਨੇ ਦੀ ਨਾੜ ਮਿੱਟੀ ਵਿਚ ਹੀ ਰਲਾਉਣ ਦੇ ਫ਼ਾਇਦਿਆਂ ਬਾਰੇ ਦੱਸਿਆ, ਉੱਥੇ ਹੀ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਕਿਸਾਨਾਂ ਤੇ ਜ਼ਿਮੀਂਦਾਰਾਂ ਨੂੰ ਪਰਾਲੀ ਪ੍ਰਬੰਧਨ ਦੇ ਫ਼ਾਇਦਿਆਂ ਬਾਰੇ ਦੱਸਿਆ ਗਿਆ | ਐਸ.ਡੀ.ਐਮ. ਹਰਵੀਰ ਕੌਰ ਨੇ ਪਿੰਡ ਮਹਿਮੂਦਪੁਰ ਵਿਖੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਾਜ਼ਮੀ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਵਿਚ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ | ਇਸ ਦੌਰਾਨ ਡੀ.ਐਸ.ਪੀ. ਬਸੀ ਪਠਾਣਾ ਰਾਜ ਕੁਮਾਰ, ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ |