ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)-ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੰਜਾਬ ਸਰਕਾਰ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਤਹਿਤ ਜਿੱਥੇ ਦਿੱਲੀ ਤੋਂ ਲੈ ਕੇ ਅਨੰਦਪੁਰ ਸਾਹਿਬ ਤੱਕ ਸਮਾਗਮ ਕੀਤੇ ਜਾ ਰਹੇ ਹਨ, ਉੱਥੇ ਹੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਾਧੋਪੁਰ ਦੇ ਸਟੇਡੀਅਮ ਵਿਖੇ 4 ਨਵੰਬਰ ਨੂੰ ਸ਼ਾਮ 6 ਵਜੇ ਲਾਈਟ ਐਂਡ ਸਾਊਾਡ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਕਿ ਉਹ ਸੂਬੇ ਦੇ ਹਰ ਨਾਗਰਿਕ ਨੂੰ ਸਾਡੇ ਗੁਰੂਆਂ ਦੀਆਂ ਕੀਤੀਆਂ ਕੁਰਬਾਨੀਆਂ ਸੰਬੰਧੀ ਜਾਗਰੂਕ ਕਰ ਰਹੀ ਹੈ | ਅਜਿਹੇ ਪ੍ਰੋਗਰਾਮ ਸਾਡੇ ਲਈ ਚਾਨਣ ਮੁਨਾਰਾ ਹਨ, ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹਨ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਪਰਿਵਾਰ ਸਮੇਤ ਉਕਤ ਪ੍ਰੋਗਰਾਮ ਵਿਚ ਸ਼ਮੂਲੀਅਤ ਕਰੀਏ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉੱਤੇ ਤਿਆਰ ਲਾਈਟ ਐਂਡ ਸਾਊਾਡ ਪ੍ਰੋਗਰਾਮ ਨੂੰ ਦੇਖੀਏ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਇਸ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵੱਡੇ ਪੱਧਰ 'ਤੇ ਸਮਾਗਮ ਕਰ ਰਹੀ ਹੈ ਅਤੇ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਜਿਸ ਵਿਚ ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਸੰਗਤਾਂ ਸ਼ਾਮਿਲ ਹੋਣ ਲਈ ਪਹੁੰਚ ਰਹੀਆਂ ਹਨ |