ਅਮਲੋਹ, 31 ਅਕਤੂਬਰ (ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਕੁਰਬਾਨੀਆਂ ਨਾਲ ਲਾਮਬੰਦ ਹੋਈ ਪਾਰਟੀ ਹੈ, ਜਿਸ ਨੂੰ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਅਤੇ ਝੂਠੇ ਪ੍ਰਚਾਰ ਢਾਹ ਨਹੀਂ ਲਗਾ ਸਕਦੇ | ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰ. ਸੁਖਵਿੰਦਰ ਕੌਰ ਰੰਧਾਵਾ ਨੂੰ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਇਹ ਚੋਣ ਭਾਰੀ ਬਹੁਮਤ ਨਾਲ ਜਿੱਤਣਗੇ | ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਸਰਕਾਰਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਜੋ ਕੰਮ ਕੀਤੇ ਸਨ, ਉਹ ਅੱਜ ਵੀ ਲੋਕਾਂ ਦੇ ਚੇਤਿਆਂ 'ਚ ਉੱਕਰੇ ਹੋਏ ਹਨ | ਉਨ੍ਹਾਂ 'ਆਪ' ਦੀ ਸਰਕਾਰ ਨੂੰ ਹਰ ਮੋਰਚੇ 'ਤੇ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਲੋਕ ਹੁਣ ਆਪਣੇ ਫ਼ੈਸਲੇ 'ਤੇ ਪਛਤਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਕਹੀ ਤੇ ਕਰਨੀ ਇਕਸਾਰ ਰਹੀ ਹੈ | ਜਦਕਿ ਮੌਜੂਦਾ ਹਾਕਮ ਹਰ ਗੱਲ 'ਤੇ ਯੂ-ਟਰਨ ਲੈਣ ਵਿਚ ਮਾਹਿਰ ਹਨ | ਰਾਜੂ ਖੰਨਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਹਤੈਸੀ ਸੋਚ ਨੂੰ ਦੇਖਦਿਆਂ ਰੰਧਾਵਾ ਦੀ ਮਦਦ ਕਰਨ ਤਾਂ ਜੋ 2027 ਦੀਆਂ ਚੋਣਾਂ ਦੀ ਤਿਆਰੀ ਦਾ ਨਵਾਂ ਅਧਿਆਇ ਸ਼ੁਰੂ ਹੋ ਸਕੇ |