ਬਸੀ ਪਠਾਣਾਂ, 3 ਨਵੰਬਰ (ਐਚ.ਐਸ.ਗੌਤਮ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਬਹੇੜ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ | ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਭੇਟ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ ਤੇ ਮਾਪੇ ਇਸ ਕਾਰਜ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ | ਅੱਜ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਬਲਜੋਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਹਰਵੀਰ ਕੌਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਨਵੰਬਰ ਨੂੰ ਪਿੰਡ ਰੈਲੋਂ, 11 ਨੂੰ ਪਿੰਡ ਕਲੌੜ, 12 ਨੂੰ ਬਸੀ ਪਠਾਣਾਂ, 13 ਨੂੰ ਪਿੰਡ ਰੈਲੀ, 14 ਨੂੰ ਨੰਦਪੁਰ ਅਤੇ 17 ਨਵੰਬਰ ਨੂੰ ਮੁਕਾਰੋਂਪੁਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਵੱਖ-ਵੱਖ ਪ੍ਰਸ਼ਾਸਨਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |