ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਦੇ ਯੋਗ ਉਪਰਾਲੇ ਸਦਕਾ ਸ੍ਰੀ ਚਮਕੌਰ ਸਾਹਿਬ ਦੀ ਗੜੀ ਦੇ ਮਹਾਨ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ 25 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਾਲਾਨਾ ਮਹਾਨ ਚੇਤਨਾ ਮਾਰਚ ਸਜਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੇਵਾਦਲ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੀ ਗੜੀ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 25 ਨਵੰਬਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਗੁਰਦੁਆਰਾ ਕਤਲਗੜ੍ਹ ਸ੍ਰੀ ਚਮਕੌਰ ਸਾਹਿਬ ਵਿਚ ਅਰਦਾਸ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਮਹਾਨ ਚੇਤਨਾ ਮਾਰਚ ਸਵੇਰੇ 9 ਵਜੇ ਆਰੰਭ ਹੋਵੇਗਾ, ਜੋ ਮੋਰਿੰਡਾ, ਨੌਗਾਵਾਂ ਅਤੇ ਬਸੀ ਪਠਾਣਾਂ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਸੰਗਤਾਂ ਨੂੰ ਇਸ ਚੇਤਨਾ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਰਸਤਿਆਂ ਤੋਂ ਚੇਤਨਾ ਮਾਰਚ ਨੇ ਲੰਘਣਾ ਹੈ, ਉਨ੍ਹਾਂ ਰਸਤਿਆਂ ਨੂੰ ਸੁੰਦਰ ਸਵਾਗਤੀ ਗੇਟਾਂ ਨਾਲ ਸਜਾਇਆ ਜਾਵੇ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਾਲਾਨਾ ਚੇਤਨਾ ਮਾਰਚ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ |