ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਪੁਰਬ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਿਆਈ ਦਿਵਸ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕਥਾ-ਕੀਰਤਨ ਸਰਵਣ ਕਰਵਾਇਆ ਗਿਆ, ਜਿਸ ਤਹਿਤ ਖ਼ਾਸ ਤੌਰ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ | ਕਥਾ ਦੌਰਾਨ ਭਾਈ ਸਾਹਿਬ ਨੇ ਸੰਗਤਾਂ ਨੂੰ ਦੱਸਿਆ ਕਿ 1675ਈ. ਵਿਚ ਨਵੀਂ ਦਿੱਲੀ ਵਿਚ ਹੋਈ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੇ ਸਿੱਖ ਪੰਥ ਨੂੰ ਸਿਰਫ਼ ਧਾਰਮਿਕ ਨਹੀਂ, ਬਲਕਿ ਰਾਜਨੀਤਿਕ ਰੂਪ ਵਿਚ ਵੀ ਇਕ ਨਵਾਂ ਦਿਸ਼ਾ ਦਰਸ਼ਨ ਦਿੱਤਾ | ਗੁਰੂ ਜੀ ਨੇ ਧਰਮ, ਇਨਸਾਫ਼ ਤੇ ਮਨੁੱਖਤਾ ਲਈ ਆਪਣਾ ਬਲੀਦਾਨ ਦੇ ਕੇ ਸਮਾਜ ਨੂੰ ਇਕ ਮਹਾਨ ਮੂਲ ਧਾਰਾ ਦਿੱਤੀ | ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਰੂਹਾਨੀ ਅਤੇ ਧਾਰਮਿਕ ਜੀਵਨ ਜਿਊਣ ਦੀ ਜਾਂਚ ਸਿਖਾਈ | ਇਸ ਸਮਾਗਮ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸਾਨੂੰ ਇਹ ਸਮਾਗਮ ਮਨਾਉਂਦੇ ਹੋਏ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ, ਸਿੱਖਿਆਵਾਂ ਸਿਧਾਂਤ ਅਤੇ ਵਿਚਾਰਧਾਰਾ ਅਨੁਸਾਰ ਆਪਣੀ ਜ਼ਿੰਦਗੀ ਵਿਚ ਇਨਸਾਫ਼ ਤੇ ਸਚਾਈ ਨੂੰ ਪ੍ਰਮੁੱਖ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ | ਭੁੱਟਾ ਨੇ ਕਿਹਾ ਕਿ ਸਾਨੂੰ ਸਿੱਖੀ ਦੇ ਅਸਲ ਸੰਦੇਸ਼ ਅਤੇ ਗੁਰੂ ਸਾਹਿਬਾਨ ਦੇ ਸਿਧਾਂਤਾਂ ਨੂੰ ਸਮਾਜ ਵਿਚ ਵਿਆਪਕ ਤੌਰ 'ਤੇ ਫੈਲਾਉਣਾ ਅਤੇ ਆਤਮਿਕ ਤਰੱਕੀ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਸਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾਂ,ਰਿਕਾਰਡ ਕੀਪਰ ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ,ਗਗਨਦੀਪ ਸਿੰਘ, ਬਲਜੀਤ ਸਿੰਘ ਲੇਖਾਕਾਰ, ਜਸਵਿੰਦਰ ਸਿੰਘ ਬਿੱਟਾ,ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੈਣੀ,ਬਲਵਿੰਦਰ ਸਿੰਘ ਬਾੜਾ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ |
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਪੁਰਬ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਸਮਾਗਮ
ਅਜੀਤ ਡੈਸਕ
24-11-2025