ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਦੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ | ਇਸ ਮੀਟਿੰਗ ਦੀ ਅਗਵਾਈ ਸੂਬਾ ਪ੍ਰਧਾਨ ਦਵਿੰਦਰ ਸਿੰਘ ਵਲੋਂ ਕੀਤੀ | ਮੀਟਿੰਗ ਦੌਰਾਨ ਯੂਥ ਵਿੰਗ ਨੂੰ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ ਦੀਦਾਰ ਸਿੰਘ ਸਹੋੜਾ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਜਿਸ ਨੂੰ ਸਾਮਿਲ ਅਹੁਦੇਦਾਰਾਂ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਦੀ ਸਥਾਪਨਾ ਦਾ ਮੁੱਖ ਮਕਸਦ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਕਰਨਾ ਹੈ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕਈ ਅਕਾਲੀ ਦਲਾਂ ਦਾ ਅਸਤਿਤਵ ਹੋਣ ਦੇ ਬਾਵਜੂਦ, ਉਨ੍ਹਾਂ ਵਿਚੋਂ ਕਿਸੇ ਨੇ ਵੀ ਪੰਜਾਬ ਦੇ ਹੱਕਾਂ ਅਤੇ ਮੁੱਦਿਆਂ ਦੀ ਗੱਲ ਸਹੀ ਢੰਗ ਨਾਲ ਨਹੀਂ ਕੀਤੀ | ਦਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਦੀ ਮੰਗ ਹੈ, ਕਿ ਪੰਜਾਬ ਵਿਚ ਪ੍ਰਵਾਸੀ ਲੋਕਾਂ ਨੂੰ ਜ਼ਮੀਨਾਂ ਖਰੀਦਣ ਤੇ ਮਨਾਹੀ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਪੰਜਾਬ ਦੀਆਂ ਗਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਕਿਸੇ ਪ੍ਰਵਾਸੀ ਬੰਦੇ ਦੀ ਵੋਟ ਨਾ ਬਣਾਈ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਦੀ ਤਰ੍ਹਾਂ ਪੰਜਾਬ ਵਿਚ ਵੀ ਪ੍ਰਵਾਸੀਆਂ ਸੰਬੰਧੀ ਸਖ਼ਤ ਕਾਨੂੰਨ ਬਣਾਏ ਜਾਣ | ਇਸ ਮੌਕੇ ਗੁਰਦਰਸ਼ਨ ਸਿੰਘ ਮਜਾਤੜੀ ਸੂਬਾ ਜਨਰਲ ਸਕੱਤਰ, ਗੁਰਵਿੰਦਰ ਸਿੰਘ ਪ੍ਰਧਾਨ ਐੱਸ. ਸੀ. ਵਿੰਗ, ਭਾਲਇੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਅਰਸ਼ਦੀਪ ਸਿੰਘ ਬਲਾਕ ਪ੍ਰਧਾਨ ਸਨੌਰ, ਸੰਜੀਵ, ਗੁਰਸ਼ਰਨ ਸਿੰਘ, ਪਵਨਦੀਪ ਸਿੰਘ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ |