ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤਮਈ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿਚ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਅੱਜ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਪਹਿਲਾਂ ਹਰ ਪੱਖੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਵੋਟਿੰਗ ਪ੍ਰਕਿਰਿਆ ਨੂੰ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਠੋਸ ਰਣਨੀਤੀ ਤਿਆਰ ਕਰਨਾ, ਚੋਣਾਂ ਲਈ ਤਾਇਨਾਤ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਨੈਤਿਕ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਵੋਟਰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ | ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ 'ਤੇ ਜ਼ੋਰ ਦਿੰਦਿਆਂ ਚੋਣ ਅਬਜ਼ਰਵਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪੋਲਿੰਗ ਬੂਥਾਂ 'ਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ | ਖ਼ਾਸ ਤੌਰ 'ਤੇ ਸੈਂਸਟਿਵ ਅਤੇ ਹਾਈਪਰ ਸੈਂਸਟਿਵ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਅਬਜ਼ਰਵਰ ਨੇ ਹਾਈਪਰ ਸੈਂਸਟਿਵ ਬੂਥਾਂ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਲਾਈਵ ਨਿਗਰਾਨੀ ਰੱਖਣ ਅਤੇ ਵੀਡੀਓਗ੍ਰਾਫੀ ਕਰਵਾਉਣ ਦੇ ਨਿਰਦੇਸ਼ ਦਿੱਤੇ | ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਚਾਣ ਕਰਕੇ ਗਸ਼ਤ ਵਧਾਉਣ ਲਈ ਵੀ ਕਿਹਾ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਅਤੇ ਐਸ.ਪੀ ਹਰਵੰਤ ਕੌਰ ਸਮੇਤ ਹੋਰ ਚੋਣ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਅਬਜ਼ਰਵਰ ਨੂੰ ਭਰੋਸਾ ਦਿਵਾਇਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿਨ ਪਾਲਣਾ ਕੀਤੀ ਜਾਵੇਗੀ |