ਫ਼ਤਹਿਗੜ੍ਹ ਸਾਹਿਬ, 7 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਧੋਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਜੱਲ੍ਹਾ ਦੇ ਪਤੀ ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ ਤੇ ਡਾਇਰੈਕਟਰ ਮਾਰਕਫੈੱਡ ਪੰਜਾਬ ਨੇ ਦਾਅਵਾ ਕੀਤਾ ਕਿ ਵੋਟਰਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਸਦਕਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਹੰੂਝਾ ਫੇਰ ਜਿੱਤ ਹਾਸਿਲ ਕਰਨਗੇ | ਕਿਉਂਕਿ ਸਾਬਕਾ ਵਿਧਾਇਕ ਕੁਲਜੀਤ ਸਿੰਘ ਵਲੋਂ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਸੀ, ਜਿਸ ਨੂੰ ਲੋਕ ਹੁਣ ਯਾਦ ਕਰਨ ਲੱਗੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਸ. ਜੱਲ੍ਹਾ ਨੇ ਕਿਹਾ ਕਿ ਇਸ ਸਰਕਾਰ ਨੇ ਆਪਣੇ ਦਿੱਲੀ ਦੇ ਆਕਾਵਾਂ ਦੀ ਖੁਸ਼ਆਮਦੀਦ ਲਈ ਸੂਬੇ ਨੂੰ ਕਰਜ਼ਾਈ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ, ਜਿਸ ਕਰਕੇ ਇਨ੍ਹਾਂ ਚੋਣਾਂ ਵਿਚ 'ਆਪ' ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ | ਸ. ਜੱਲ੍ਹਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿਚ ਬਿਨਾ ਕਿਸੇ ਡਰ ਭੈਅ ਤੋਂ ਡਟਣ ਦੀ ਅਪੀਲ ਵੀ ਕੀਤੀ |