ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਮਨਪ੍ਰੀਤ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ 17 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਹੋਈ ਗਿਣਤੀ ਤੋਂ ਬਾਅਦ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ 75 ਜੋਨਾਂ ਦੇ ਚੋਣ ਨਤੀਜੇ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਹੋਈ ਗਿਣਤੀ ਪ੍ਰਕਿਰਿਆ ਦੌਰਾਨ ਘੋਸ਼ਿਤ ਕੀਤੇ ਗਏ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਪੰਚਾਇਤ ਸੰਮਤੀਆਂ ਦੇ ਕੁੱਲ 77 ਜ਼ੋਨ ਦੇ ਘੋਸ਼ਿਤ ਨਤੀਜਿਆਂ ਤਹਿਤ 50 ਜ਼ੋਨਾਂ ਵਿਚ ਆਮ ਆਦਮੀ ਪਾਰਟੀ, 14 ਜ਼ੋਨਾਂ ਵਿਚ ਇੰਡੀਅਨ ਨੈਸ਼ਨਲ ਕਾਂਗਰਸ, 9 ਜ਼ੋਨਾਂ ਵਿਚ ਸ਼੍ਰੋਮਣੀ ਅਕਾਲੀ ਦਲ, 1 ਜ਼ੋਨ ਵਿਚ ਭਾਰਤੀ ਜਨਤਾ ਪਾਰਟੀ ਅਤੇ 3 ਜ਼ੋਨਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ | ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪਰਿਸ਼ਦ-ਕਮ-ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 10 ਜ਼ੋਨਾਂ 'ਚੋਂ 8 ਜ਼ੋਨਾਂ ਵਿਚ 'ਆਪ' ਦੇ ਉਮੀਦਵਾਰ, 1 ਜ਼ੋਨ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ 1 ਜ਼ੋਨ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ | ਉਨ੍ਹਾਂ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਜੋਨ ਮਾਧੋਪੁਰ, ਮੁੱਲੇਪੁਰ, ਚਨਾਰਥਲ ਕਲਾਂ, ਖੇੜਾ, ਫ਼ਤਹਿਪੁਰ ਅਰਾਈਆਂ, ਹਵਾਰਾ ਕਲਾਂ, ਸੌਂਟੀ ਅਤੇ ਬੁੱਗਾ ਕਲਾਂ ਵਿਚ 'ਆਪ' ਜਦੋਂਕਿ ਧਨੌਲਾ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਚੁੰਨੀ ਕਲਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ |