ਅਮਲੋਹ, 18 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਅਮਲੋਹ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਪਣੀ ਪਾਰਟੀ ਦੇ ਜੇਤੂ ਉਮੀਦਵਾਰਾਂ, ਅਹੁਦੇਦਾਰਾਂ ਅਤੇ ਵਰਕਰਾਂ ਦੀ ਆਪਣੇ ਦਫ਼ਤਰ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਜਿੱਤੇ ਹੋਏ ਉਮੀਦਵਾਰਾਂ ਨਾਲ ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹੁਣ ਤੱਕ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਬਹੁਤੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ, ਜਿਸ ਕਾਰਨ ਹੀ ਲੋਕਾਂ ਵਲੋਂ ਪਾਰਟੀ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਚੋਣ ਨਤੀਜੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਹਨ ਤੇ ਇਹ ਜਿੱਤ ਆਮ ਆਦਮੀ ਪਾਰਟੀ ਵਲੋਂ ਕੀਤੇ ਵਿਕਾਸ ਕਾਰਜਾਂ ਉੱਤੇ ਲੋਕਾਂ ਵੱਲੋਂ ਦਿੱਤਾ ਗਿਆ ਫ਼ਤਵਾ ਹੈ | ਉਨ੍ਹਾਂ ਇਹ ਵੀ ਆਖਿਆ ਕਿ ਜਿਹੜੀਆਂ ਗਰੰਟੀਆਂ ਹਾਲੇ ਬਾਕੀ ਹਨ, ਉਨ੍ਹਾਂ ਨੂੰ ਵੀ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ | ਵਿਧਾਇਕ ਗੈਰੀ ਬੜਿੰਗ ਨੇ ਖੇਤੀਬਾੜੀ, ਵਪਾਰ, ਦੁਕਾਨਦਾਰਾਂ ਅਤੇ ਵਿਕਾਸ ਕਾਰਜਾਂ ਸਮੇਤ ਹਰ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਲਾਗੂ ਕੀਤੀਆਂ ਹਨ ਅਤੇ ਇਸ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚਿਆ ਹੈ | ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਦਿਨ-ਰਾਤ ਕੀਤੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਮੈਦਾਨ ਵਿਚ ਡਟ ਕੇ ਕੰਮ ਕੀਤਾ ਹੈ, ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਜ਼ਰੂਰ ਦਿੱਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |