ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਭਾਈ ਸਾਹਿਬ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ ਤੇ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦੇ ਉੱਦਮ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰਮਲ ਹਾਲ ਵਿਖੇ 'ਚਰਨ ਚਲਉ ਮਾਰਗਿ ਗੋਬਿੰਦ' ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਪਿੰਦਰਪਾਲ ਸਿੰਘ ਤੇ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਵੀ ਸਰਹਿੰਦ ਦੀ ਧਰਤੀ ਦਾ ਲਹੂ ਭਿੱਜਿਆ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਨੇ ਨਿੱਕੀ ਉਮਰੇ ਜਿਸ ਦਿ੍ੜ੍ਹਤਾ ਅਤੇ ਸਿਦਕ ਦਿਲੀ ਨਾਲ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਉਸ ਦੀ ਮਿਸਾਲ ਦੁਨੀਆ 'ਤੇ ਕਿੱਧਰੇ ਨਹੀਂ ਮਿਲਦੀ | ਸਾਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਸਿੱਖੀ ਸਿਧਾਂਤਾਂ 'ਤੇ ਦਿ੍ੜ੍ਹਤਾ ਨਾਲ ਪਹਿਰਾ ਦੇਣ, ਹੱਕ, ਸੱਚ ਤੇ ਆਪਣੇ ਧਰਮ ਲਈ ਕੁਰਬਾਨ ਹੋਣ ਦੀ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ | ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਅਕੀਦਤ ਭੇਟ ਕਰਦੇ ਹੋਏ ਆਪਣੇ ਬੱਚਿਆਂ ਨੂੰ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਜਾਣੂ ਕਰਵਾ ਸਿੱਖੀ ਨਾਲ ਜੋੜਨਾ ਚਾਹੀਦਾ ਹੈ | ਇਸ ਸਮਾਗਮ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਮੈਨੇਜਰ ਗੁਰਦੀਪ ਸਿੰਘ ਕੰਗ, ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਜੋਗਾ ਸਿੰਘ ਸੁਪਰਵਾਈਜ਼ਰ, ਮੀਤ ਮੈਨੇਜਰ ਜਗਮੀਤ ਸਿੰਘ ਜੱਗਾ, ਭਾਈ ਅਵਤਾਰ ਸਿੰਘ ਸੈਂਪਲਾਂ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਘਮੰਡਗੜ੍ਹ, ਮਾਸਟਰ ਸਤਵੰਤ ਸਿੰਘ ਕਲੌੜ, ਮੀਤ ਮੈਨੇਜਰ ਪਿ੍ਤਪਾਲ ਸਿੰਘ, ਸੁਖਦੇਵ ਸਿੰਘ ਕੋਟਾਂ, ਕੁਲਵਿੰਦਰ ਸਿੰਘ ਚੀਮਾ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਾਟੈਂਟ, ਨਰਵੀਰ ਸਿੰਘ ਖ਼ਜ਼ਾਨਚੀ, ਰਾਜਿੰਦਰ ਸਿੰਘ, ਗਿਆਨੀ ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |