ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 25 ਤੋਂ 27 ਦਸੰਬਰ ਤੱਕ ਭਰਨ ਵਾਲੀ ਸ਼ਹੀਦੀ ਸਭਾ ਸਬੰਧੀ ਵੱਖ-ਵੱਖ ਨਗਰਾਂ 'ਚੋਂ ਨਗਰ ਕੀਰਤਨ ਪਹੁੰਚਣੇ ਸ਼ੁਰੂ ਹੋ ਗਏ ਹਨ | ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਬੰਧਾਂ ਵਿਚ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰ੍ਹਵਾੜਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚਣਗੀਆਂ ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਲੰਗਰਾਂ, ਰਿਹਾਇਸ਼, ਪਾਰਕਿੰਗ ਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਮਾਸਟਰ ਸਤਵੰਤ ਸਿੰਘ ਕਲੌੜ, ਗਿਆਨੀ ਹਰਨੇਕ ਸਿੰਘ ਬਡਾਲੀ ਵੀ ਹਾਜ਼ਰ ਸਨ |