ਅਮਲੋਹ, 18 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਹਲਕੇ ਦੇ ਵੋਟਰਾਂ, ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ 'ਤੇ ਭਰੋਸਾ ਜਿਤਾਉਂਦੇ ਹੋਏ ਵੱਡਾ ਸਮਰਥਨ ਦਿੱਤਾ ਹੈ | ਵਿਧਾਇਕ ਬੜਿੰਗ ਨੇ ਦੱਸਿਆ ਕਿ ਬਲਾਕ ਸੰਮਤੀ ਦੀਆਂ 17 ਸੀਟਾਂ 'ਚੋਂ 13 ਸੀਟਾਂ 'ਆਪ' ਦੇ ਉਮੀਦਵਾਰਾਂ ਨੇ ਜਿੱਤੀਆਂ ਹਨ | ਇਸ ਦੇ ਨਾਲ ਹੀ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਬੜਿੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਨੂੰ ਮਿਲੀ ਇਹ ਜਿੱਤ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ 'ਤੇ ਲੋਕਾਂ ਦੀ ਮੋਹਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਆਪ' ਦੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਚਟਾਨ ਵਾਂਗ 'ਆਪ' ਦੇ ਨਾਲ ਖੜ੍ਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਭਰੋਸੇ ਨਾਲ ਹਲਕਾ ਅਮਲੋਹ ਦੇ ਵੋਟਰਾਂ ਨੇ 'ਆਪ' ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ, ਉਸ ਭਰੋਸੇ ਨੂੰ ਕਦੇ ਟੁੱਟਣ ਨਹੀਂ ਦਿੱਤਾ ਜਾਵੇਗਾ | ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਵੱਡੀ ਜਿੱਤ ਇਹ ਸੰਕੇਤ ਵੀ ਦਿੰਦੀ ਹੈ ਕਿ 2027 'ਚ ਵੀ ਪੰਜਾਬ ਅੰਦਰ 'ਆਪ' ਦੀ ਸਰਕਾਰ ਮੁੜ ਸੱਤਾ ਵਿਚ ਆਵੇਗੀ |