ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਥਾਨਕ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸ਼ਹਿਰ ਵਿਚ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਨੂੰ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਦੀ ਕੋਈ ਪ੍ਰਵਾਹ ਨਹੀਂ ਹੈ | ਸਾਬਕਾ ਵਿਧਾਇਕ ਨਾਗਰਾ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੂੰ ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਨਿਵਾਸੀ ਦੋ ਮਹੀਨਿਆਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਪਰ ਸਰਕਾਰ ਤੇ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਗੰਭੀਰ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਸਭਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿਚ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਬਾਹਰੋਂ ਆ ਰਹੇ ਸ਼ਰਧਾਲੂਆਂ ਕਾਰਨ ਸ਼ਹਿਰ ਵਿਚ ਪਾਣੀ ਦੀ ਲੋੜ ਹੋਰ ਵੱਧ ਗਈ ਹੈ | ਅਜਿਹੇ ਵਿਚ ਸ਼ਹਿਰ ਵਾਸੀਆਂ ਨੂੰ ਬਿਨਾਂ ਪਾਣੀ ਦੇ ਗੁਜ਼ਾਰਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਪ੍ਰਸ਼ਾਸਨ, ਜੇ.ਈ. ਅਤੇ ਮਿਊਾਸਪਲ ਕੌਂਸਲਰਾਂ ਕੋਲ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਸਾਰੀਆਂ ਖ਼ਰਾਬ ਮੋਟਰਾਂ ਨੂੰ ਜਲਦ ਠੀਕ ਕਰਵਾਇਆ ਜਾਵੇ | ਇਸ ਮੌਕੇ ਕੌਂਸਲਰ ਰਾਧਾ ਰਾਣੀ, ਵਿਸਾਖੀ ਰਾਮ, ਗੁਰਜੀਤ ਲੋਗੀ, ਪ੍ਰਕਾਸ਼ ਕੌਰ, ਨੀਲਮ ਰਾਣੀ, ਅਮਲੇਸ਼ ਰਾਣੀ, ਸ਼ਾਨ ਪ੍ਰੀਤ, ਆਸ਼ਾ ਰਾਣੀ, ਵੀਨਾ ਰਾਣੀ, ਹਰਪਾਲ ਕੌਰ, ਰੇਸ਼ਵਾ ਰਾਣੀ, ਊਸ਼ਾ ਰਾਣੀ ਸਮੇਤ ਹੋਰ ਵੀ ਲੋਕ ਮੌਜੂਦ ਸਨ |