ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 25 ਤੋਂ 27 ਦਸੰਬਰ ਤੱਕ ਭਰਨ ਵਾਲੀ ਸ਼ਹੀਦੀ ਸਭਾ ਅਤੇ ਸ਼ੁਰੂ ਹੋਏ ਸ਼ਹੀਦੀ ਪੰਦ੍ਹਰਵਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ | ਉਪਰੰਤ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਠੰਡਾ ਬੁਰਜ ਵਿਖੇ ਵੀ ਨਤਮਸਤਕ ਹੋਏ | ਇਸ ਮੌਕੇ ਸੰਗਤਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਸਰਹਿੰਦ ਦੀ ਧਰਤੀ 'ਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਹੋਈ ਲਾਸਾਨੀ ਸ਼ਹਾਦਤ ਸਿੱਖ ਇਤਿਹਾਸ ਦਾ ਅਟੱਲ ਅਤੇ ਅਮਰ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਇਹ ਸ਼ਹਾਦਤ ਸਾਨੂੰ ਧਰਮ, ਸੱਚ ਅਤੇ ਇਨਸਾਫ਼ ਲਈ ਡਟ ਕੇ ਖੜ੍ਹੇ ਰਹਿਣ ਦੀ ਪ੍ਰੇਰਨਾ ਦਿੰਦੀ ਹੈ | ਜਥੇਦਾਰ ਗੜਗੱਜ ਨੇ ਸਿੱਖ ਸੰਗਤ ਅਤੇ ਸਮੂਹ ਸਮਾਜ ਨੂੰ ਅਪੀਲ ਕੀਤੀ ਕਿ ਇਤਿਹਾਸਿਕ ਵਿਰਾਸਤ ਅਤੇ ਧਾਰਮਿਕ ਭਾਵਨਾਵਾਂ ਦਾ ਸਦਾ ਅਦਬ ਸਤਿਕਾਰ ਕੀਤਾ ਜਾਵੇ | ਆਧੁਨਿਕ ਤਕਨਾਲੋਜੀ ਖ਼ਾਸ ਕਰਕੇ ਏ.ਆਈ ਬਾਰੇ ਮੀਡੀਆ ਦੁਆਰਾ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਕੁਝ ਲੋਕਾਂ ਵਲੋਂ ਏ.ਆਈ ਦਾ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਤਕਨਾਲੋਜੀ ਦਾ ਉਪਯੋਗ ਸਮਾਜ ਤੇ ਮਨੁੱਖਤਾ ਦੀ ਭਲਾਈ ਲਈ ਹੋਣਾ ਚਾਹੀਦਾ ਹੈ, ਨਾ ਕਿ ਕਿਸੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਗ਼ਲਤ ਜਾਣਕਾਰੀ ਫੈਲਾਉਣ ਲਈ | ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਏ.ਆਈ ਮਾਹਿਰਾਂ ਨਾਲ ਮੀਟਿੰਗ ਵੀ ਕੀਤੀ ਗਈ ਹੈ, ਤਾਂ ਜੋ ਇਸ ਤਕਨਾਲੋਜੀ ਦੀ ਸਹੀ ਦਿਸ਼ਾ ਵਿਚ ਵਰਤੋਂ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਡਾ. ਪਿ੍ਤਪਾਲ ਸਿੰਘ, ਗ੍ਰੰਥੀ ਨਿਰਮਲ ਸਿੰਘ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ |