16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ਹੀਦੀ ਸਭਾ ਦੌਰਾਨ ਸਰਵੋਤਮ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ

Ad Position 21
No active advertisement
ਅਜੀਤ ਡੈਸਕ 20-12-2025
ਫ਼ਤਹਿਗੜ੍ਹ ਸਾਹਿਬ, 19 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਸ਼ਹੀਦੀ ਸਭਾ' ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਤਿਆਰੀਆਂ ਵਿਆਪਕ ਪੱਧਰ 'ਤੇ ਜਾਰੀ ਹਨ | ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ. ਡੀ. ਐੱਮ. ਸੂਬਾ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸੜਕਾਂ ਦੀ ਸਾਫ਼ ਸਫ਼ਾਈ, ਰੈਣ ਬਸੇਰਿਆਂ, ਸਰਾਂ, ਰੌਸ਼ਨੀ ਪ੍ਰਬੰਧਾਂ, ਪਖ਼ਾਨਿਆਂ ਦੀ ਸਾਫ਼-ਸਫ਼ਾਈ ਤੇ ਹੋਰ ਅਹਿਮ ਸਥਾਨਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਐੱਸ. ਡੀ. ਐੱਮ. ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ | ਇਸ ਦੇ ਨਾਲ ਹੀ ਸ਼ਹਿਰ ਦੇ 4 ਯਾਦਗਾਰੀ ਗੇਟਾਂ ਦੇ ਨਵੀਨੀਕਰਨ ਅਤੇ ਰੰਗ-ਰੋਗਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ | ਸ਼ਰਧਾਲੂਆਂ ਦੀ ਸਹੂਲਤ ਲਈ ਰਾਤ ਦੇ ਸਮੇਂ ਰੌਸ਼ਨੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਟ੍ਰੀਟ ਲਾਈਟਾਂ ਦੀ ਮੁਰੰਮਤ ਅਤੇ ਵਾਧੂ ਲਾਈਟਾਂ ਲਗਾਉਣ ਦੇ ਨਿਰਦੇਸ਼ ਦਿੱਤੇ ਗਏ | ਸੂਬਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਠੰਢ ਦੇ ਮੌਸਮ ਵਿਚ ਰਹਿਣ ਲਈ ਕੋਈ ਦਿੱਕਤ ਨਾ ਆਵੇ | ਉਨ੍ਹਾਂ ਰੈਣ ਬਸੇਰਿਆਂ ਵਿਚ ਬਿਸਤਰਿਆਂ, ਪੀਣ ਵਾਲੇ ਸਾਫ਼ ਪਾਣੀ ਤੇ ਪਖਾਨਿਆਂ ਦੀ ਸਹੂਲਤ ਦੀ ਚੈਕਿੰਗ ਵੀ ਕੀਤੀ | ਇਸ ਮੌਕੇ ਸੂਬਾ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਪਹਿਲ ਹੈ | ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਵਿਵਸਥਾ, ਸਿਹਤ ਸਹੂਲਤਾਂ ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹੀਦੀ ਸਭਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਰਕਰਾਰ ਰੱਖਦਿਆਂ ਪ੍ਰਬੰਧਾਂ ਨੂੰ ਨੇਪਰੇ ਚਾੜਿ੍ਹਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਵਾਹਨਾਂ ਦੇ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਪੋਲਾਂ ਤੋਂ 'ਆਪ' ਉਮੀਦਵਾਰ ਮਨਦੀਪ ਸਿੰਘ ਪੋਲਾ ਵੱਡੀ ਲੀਡ ਨਾਲ ਜਿੱਤੇ
Ad Position 24