ਫ਼ਤਹਿਗੜ੍ਹ ਸਾਹਿਬ, 20 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਵਿਸ਼ੇਸ਼ 'ਕਾਸੋ' ਅਭਿਆਨ ਚਲਾਇਆ ਗਿਆ | ਇਸ ਆਪ੍ਰੇਸ਼ਨ ਦੌਰਾਨ ਭਾਰੀ ਪੁਲਿਸ ਫੋਰਸ ਨੇ ਵੱਖ-ਵੱਖ ਸ਼ੱਕੀ ਥਾਵਾਂ 'ਤੇ ਤਲਾਸ਼ੀ ਲਈ ਗਈ | ਇਸ ਮੌਕੇ ਐਸਐਸਪੀ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸੂਬੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਚਲਾਇਆ ਜਾ ਰਿਹਾ 'ਕਾਸੋ' ਇਕ ਅਹਿਮ ਮੁਹਿੰਮ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਹਦਾਇਤ ਹੈ ਕਿ ਪੰਜਾਬ 'ਚੋਂ ਨਸ਼ਿਆਂ ਦਾ ਲੱਕ ਤੋੜਿਆ ਜਾਵੇ ਅਤੇ ਡੀ.ਜੀ.ਪੀ. ਗੌਰਵ ਯਾਦਵ ਖ਼ੁਦ ਇਸ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਵਿਚ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਜਿਸ ਵਿਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ 12 ਹੌਟ ਸਪੋਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਇਕੋ ਸਮੇਂ ਛਾਪੇਮਾਰੀ ਕੀਤੀ ਗਈ | ਇਸ ਕਾਰਵਾਈ ਦਾ ਮੁੱਖ ਮਕਸਦ ਇਲਾਕੇ ਵਿਚ ਅਮਨ-ਸ਼ਾਂਤੀ ਬਣਾਏ ਰੱਖਣਾ ਅਤੇ ਨਸ਼ਾ ਤਸਕਰਾਂ ਵਿਚ ਡਰ ਪੈਦਾ ਕਰਨਾ ਹੈ | ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ 3 ਪੁਲਿਸ ਕੇਸ ਦਰਜ ਕੀਤੇ ਹਨ ਅਤੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ 60 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ | ਐਸਐਸਪੀ ਨੇ ਸਪਸ਼ਟ ਕੀਤਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ | ਇਸ ਮੌਕੇ ਡੀ.ਐਸ.ਪੀ. ਕੁਲਬੀਰ ਸਿੰਘ, ਐਸ.ਐਚ.ਓ ਰਾਜਵੰਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |