ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਵਰਗੀ ਗ਼ਰੀਬ ਮਜ਼ਦੂਰਾਂ ਦੀ ਰੋਜ਼ੀ-ਰੋਟੀ ਨਾਲ ਜੁੜੀ ਮਹੱਤਵਪੂਰਨ ਯੋਜਨਾ ਨਾਲ ਜਾਣ-ਬੁੱਝ ਕੇ ਖਿਲਵਾੜ ਕੀਤਾ ਜਾ ਰਿਹਾ ਹੈ | ਕਿਉਂਕਿ ਕੇਂਦਰ ਸਰਕਾਰ ਨੇ ਇਕ ਸਾਜ਼ਿਸ਼ ਅਧੀਨ ਮਨਰੇਗਾ ਸਕੀਮ ਦਾ ਨਾਮ ਬਦਲ ਕੇ 'ਜੀ ਰਾਮ ਜੀ' ਰੱਖ ਦਿੱਤਾ ਹੈ ਤੇ ਇਸ 'ਚੋਂ 40 ਫ਼ੀਸਦੀ ਵਿੱਤੀ ਭਾਰ ਪੰਜਾਬ ਸਰਕਾਰ 'ਤੇ ਪਾਉਣ ਦੀ ਸ਼ਰਤ ਲਗਾ ਕੇ ਗ਼ਰੀਬਾਂ ਦੇ ਚੁੱਲ੍ਹੇ ਠੰਡੇ ਪਾਉਣ ਦੀ ਕੋਝੀ ਸਾਜ਼ਿਸ਼ ਰਚੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਕਰਜ਼ਾ ਚੱਕ ਕੇ ਪੰਜਾਬ ਸੂਬੇ ਨੂੰ ਕਰਜਈ ਬਣਾਇਆ ਜਾ ਰਿਹਾ ਹੈ, ਉਪਰੋਂ ਕੇਂਦਰ ਸਰਕਾਰ ਦੀ ਇਹ ਮਜ਼ਦੂਰ ਪੱਖੀ ਉਕਤ ਸਕੀਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ | ਪੂਨੀਆ ਨੇ ਕਿਹਾ ਕਿ ਮਨਰੇਗਾ ਸਕੀਮ ਦੇ ਤਹਿਤ ਪਿੰਡਾਂ ਦੇ ਗ਼ਰੀਬ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਦਾ ਹੈ, ਜਿਸ ਨਾਲ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ, ਪਰ ਕੇਂਦਰ ਸਰਕਾਰ ਵਲੋਂ ਇਸ ਸਕੀਮ ਦੇ ਨਾਂਅ ਵਿਚ ਤਬਦੀਲੀ ਅਤੇ ਰਾਜ ਸਰਕਾਰ 'ਤੇ ਵਾਧੂ ਵਿੱਤੀ ਬੋਝ ਪਾਉਣ ਨਾਲ ਸੂਬੇ ਵਿਚ ਮਨਰੇਗਾ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀਆਂ ਇਹ ਨੀਤੀਆਂ ਕਿਸਾਨਾਂ ਅਤੇ ਮਜ਼ਦੂਰ ਵਰਗ ਵਿਰੋਧੀ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਗ਼ਰੀਬਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਵਿਰੁੱਧ ਲਏ ਗਏ ਇਹ ਫ਼ੈਸਲੇ ਵਾਪਸ ਨਾ ਲਏ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ 'ਤੇ ਦਰਬਾਰਾ ਸਿੰਘ ਰੰਧਾਵਾ ਅਤੇ ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ ਕਲਾਂ ਵੀ ਹਾਜ਼ਰ ਸਨ |