ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਮੁਫ਼ਤ ਈ-ਰਿਕਸ਼ੇ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ | ਜਿਨ੍ਹਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਨ੍ਹਾਂ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਉਪਰਾਲਾ ਹੈ ਕਿਉਂਕਿ ਬਜ਼ੁਰਗਾਂ, ਦਿਵਿਆਂਗਜਨ, ਬੱਚਿਆਂ ਅਤੇ ਮਹਿਲਾਵਾਂ ਨੂੰ ਸੰਗਤ ਦੀ ਭਾਰੀ ਭੀੜ ਕਾਰਨ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਵਿਚ ਮਦਦ ਮਿਲੇਗੀ | ਇਹ ਈ-ਰਿਕਸ਼ੇ ਵਾਤਾਵਰਨ ਪੱਖੀ ਹੋਣ ਕਾਰਨ ਪ੍ਰਦੂਸ਼ਣ ਵੀ ਪੈਦਾ ਨਹੀਂ ਹੋਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਆਵਾਜਾਈ ਸੁਵਿਧਾਵਾਂ ਪੱਖੋਂ ਵੀ ਬਿਹਤਰੀਨ ਇੰਤਜ਼ਾਮ ਹਨ | ਇਸਦੇ ਨਾਲ ਜ਼ਿਲ੍ਹੇ ਭਰ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ 200 ਸ਼ਟਲ ਬੱਸਾਂ ਵੀ ਮੁਫ਼ਤ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |