ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਨਪ੍ਰੀਤ ਸਿੰਘ)-ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਸਬ-ਡਵੀਜ਼ਨਲ ਕੰਪਲੈਕਸ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਸੂਬਾ ਸਿੰਘ ਤੇ ਮਨਰੀਤ ਰਾਣਾ ਖਮਾਣੋਂ, ਸ਼ੰਕਰ ਸ਼ਰਮਾ ਮੁੱਖ ਮੰਤਰੀ ਫ਼ੀਲਡ ਅਫ਼ਸਰ ਨੇ ਵਿਸ਼ੇਸ਼ ਤੌਰ 'ਤੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ | ਭੋਗ ਉਪਰੰਤ ਭਾਈ ਅਬਿਨਾਸ਼ੀ ਸਿੰਘ ਦੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਕੁਰਬਾਨੀ ਹੈ, ਜੋ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਡਟਣ ਅਤੇ ਹੱਕ-ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦਿਹਾੜੇ ਸਮੁੱਚੀ ਮਨੁੱਖਤਾ ਲਈ ਬਹੁਤ ਹੀ ਭਾਵੁਕ ਅਤੇ ਸ਼ਰਧਾ ਭਰੇ ਹਨ | ਉਨ੍ਹਾਂ ਸਮੂਹ ਸਟਾਫ਼ ਤੇ ਇਲਾਕਾ ਨਿਵਾਸੀਆਂ ਨੂੰ ਸਾਹਿਬਜ਼ਾਦਿਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਇਸ ਧਾਰਮਿਕ ਸਮਾਗਮ ਵਿਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |