ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਗ਼ੈਰ-ਸਰਕਾਰੀ ਅਦਾਰਿਆਂ ਵਲੋਂ ਵਿਕਾਸ ਅਤੇ ਵੱਖ-ਵੱਖ ਗਤੀਵਿਧੀਆਂ ਨੂੰ ਦਰਸਾਉਂਦੀ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਮੰਤਵ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨਾਲ ਵਿਕਾਸ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਇਸ ਪ੍ਰਦਰਸ਼ਨੀ ਰਾਹੀਂ ਲੋਕ ਪੱਖੀ ਸਰਕਾਰੀ ਸਕੀਮਾਂ ਦਾ ਲਾਭ ਹਰ ਇਕ ਨਾਗਰਿਕ ਤੱਕ ਪਹੰੁਚਾਉਣਾ ਹੀ ਇਸ ਪ੍ਰਦਰਸ਼ਨੀ ਦਾ ਪ੍ਰਮੁੱਖ ਉਦੇਸ਼ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਇਸ ਕਰ ਕੇ ਵਾਂਝੇ ਰਹਿ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਿਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਲਗਾਈ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ | ਇਸ ਦੌਰਾਨ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਟਾਲਾਂ 'ਤੇ ਜਾ ਕੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉੱਨਤ ਖੇਤੀ ਲਈ ਈਜਾਦ ਹੋਈਆਂ ਨਵੀਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ | ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਨ, ਬਾਗ਼ਬਾਨੀ, ਡੇਅਰੀ ਵਿਕਾਸ, ਜਲ ਸਪਲਾਈ ਤੇ ਸੈਨੀਟੇਸ਼ਨ, ਸਿੱਖਿਆ ਵਿਭਾਗ, ਪਸ਼ੂ ਪਾਲਨ, ਪੇਡਾ, ਜੰਗਲਾਤ, ਸਹਿਕਾਰਤਾ, ਵੇਰਕਾ, ਮਾਰਕਫੈੱਡ, ਕਿ੍ਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ |