ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੇ ਦੂਸਰੇ ਦਿਨ ਮਾਤਾ ਗੁਜਰੀ ਕਾਲਜ ਵਲੋਂ ਸ਼ਹੀਦੀ ਸਭਾ ਮੌਕੇ ਕਰਵਾਏ ਗਏ ਵੱਖ-ਵੱਖ ਸੇਵਾ ਕਾਰਜਾਂ 'ਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਸੰਤੁਸ਼ਟੀ ਪ੍ਰਗਟ ਕੀਤੀ | ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾ ਕਾਰਜਾਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿਚ ਨਿਮਰਤਾ, ਨਿਸ਼ਕਾਮ ਸੇਵਾ, ਧਰਮ ਪ੍ਰਤੀ ਜਾਗਰੂਕਤਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ | ਸ਼ਹੀਦੀ ਸਭਾ ਦੇ ਦੂਸਰੇ ਦਿਨ ਵੀ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਾਲਜ ਦੇ ਰੈੱਡ ਕਰਾਸ ਯੂਨਿਟ ਨੇ ਸੰਗਤ ਦੀਆਂ ਸਿਹਤ ਸਹੂਲਤਾਂ ਲਈ ਮੁਫ਼ਤ ਫ਼ਸਟ ਏਡ ਕੈਂਪ ਸਫਲਤਾਪੂਰਵਕ ਜਾਰੀ ਰੱਖਿਆ | ਕਾਲਜ ਦੇ ਮਾਤਾ ਗੁਜਰੀ ਸਟੱਡੀ ਸਰਕਲ, ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਯੂਨਿਟ ਦੇ ਵਲੰਟੀਅਰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਾਲਜ ਵਲੋਂ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਯਾਤਰੀਆਂ ਲਈ ਮੁਫ਼ਤ ਬੱਸ ਸੇਵਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਕਾਲਜ ਦੇ ਯੂਟਿਊਬ ਚੈਨਲ 'ਤੇ ਸ਼ਹੀਦੀ ਸਭਾ ਦੌਰਾਨ ਨਿਸ਼ਕਾਮ ਭਾਵ ਨਾਲ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਉਜਾਗਰ ਕਰਦਿਆਂ ਜਾਗਰੂਕਤਾ ਭਰਪੂਰ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦੇਣ ਵਾਲੇ ਪ੍ਰੋਗਰਾਮ ਤਿਆਰ ਕਰਕੇ ਪ੍ਰਸਾਰਿਤ ਕੀਤੇ ਗਏ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਸਤਨਾਮ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਡਾ. ਅਵਨੀਤ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਗੁਣਪ੍ਰੀਤ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |