ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਤਮਸਤਕ ਹੋਣ ਲਈ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀਆਂ ਹਨ, ਉੱਥੇ ਹੀ ਸਥਾਨਕ ਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਚੌਗਿਰਦੇ ਨੂੰ ਸਾਫ਼ ਸੁਥਰਾ ਰੱਖ ਸੰਗਤਾਂ ਦਾ ਸੁਆਗਤ ਕਰਨ, ਤਾਂ ਜੋ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ. ਗੁਰਸ਼ਰਨ ਸਿੰਘ ਐੱਮ. ਡੀ. ਗੁਰਤੀਰਥ ਡਾਇਗਨੋਸਟਿਕ ਸੈਂਟਰ ਤੇ ਸਮਾਜ ਸੇਵਕ ਗੁਰਚਰਨ ਸਿੰਘ ਨੇ ਸਟਾਫ਼ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਲੰਗਰਾਂ 'ਤੇ ਲਾਊਡ ਸਪੀਕਰ ਨਾ ਲਗਾਏ ਜਾਣ ਤਾਂ ਜੋ ਸ਼ਾਂਤੀ ਨੂੰ ਬਣਾਈ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਤੋਂ ਟਰੈਕਟਰ ਟਰਾਲੀਆਂ 'ਤੇ ਆਉਣ ਵਾਲੀਆਂ ਸੰਗਤਾਂ ਵੀ ਉੱਚੀ ਆਵਾਜ਼ 'ਚ ਡੈੱਕ ਵਗ਼ੈਰਾ ਨਾ ਲਗਾਏ ਜਾਣ ਤਾਂਕਿ ਸ਼ੋਰ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ | ਉਨ੍ਹਾਂ ਲੰਗਰਾਂ ਵਾਲੇ ਸੇਵਾਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਡਿਸਪੋਜ਼ਲ ਲਈ ਕੂੜੇਦਾਨਾਂ ਦਾ ਪ੍ਰਯੋਗ ਕਰਨ ਤਾਂ ਜੋ ਸ਼ਹੀਦੀ ਸਭਾ 'ਚ ਗੰਦਗੀ ਦੇ ਮਾਹੌਲ ਤੋਂ ਬਚਿਆ ਜਾ ਸਕੇ | ਇਸ ਮੌਕੇ ਉਨ੍ਹਾਂ ਸ਼ਹੀਦੀ ਸਭਾ 'ਚ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ |