ਅਮਲੋਹ, 27 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੌਰਾਨ ਹਲਕਾ ਅਮਲੋਹ ਅੰਦਰ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਲੰਗਰ ਲਗਾਏ ਗਏ | ਇਨ੍ਹਾਂ ਲੰਗਰਾਂ ਵਿਚ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੇਵਾ ਕੀਤੀ ਗਈ ਤੇ ਸੰਗਤਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਪਿੰਡ ਸੌਂਟੀ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਬੜਿੰਗ ਨੇ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਂਦਾ ਰਹੇਗਾ | ਉਨ੍ਹਾਂ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ 'ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਸੰਗਤਾਂ ਦੀ ਸੁਵਿਧਾ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ | ਵਿਧਾਇਕ ਬੜਿੰਗ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜ਼ਰੂਰ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਪੇ੍ਰਰਨਾ ਲੈ ਸਕਣ | ਉਨ੍ਹਾਂ ਲੋਕਾਂ ਦੀ ਇਕਜੁਟਤਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੰਗਤਾਂ ਮਿਲਜੁਲ ਕੇ ਲੰਗਰ ਲਗਾ ਰਹੀਆਂ ਹਨ ਅਤੇ ਹਰ ਇਕ ਨੂੰ ਇਸ ਪਵਿੱਤਰ ਕਾਰਜ ਵਿਚ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ |