ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਭਰੀ ਸਿੰਘ ਸਭਾ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਸਦਕਾ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਕੁਲਵਿੰਦਰ ਸਿੰਘ ਡੇਰਾ, ਬਲਾਕ ਸੰਮਤੀ ਮੈਂਬਰ ਸਤਬੀਰ ਸਿੰਘ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਜਗਜੀਤ ਸਿੰਘ ਰਿਊਣਾ, ਸਰਬਜੀਤ ਸਿੰਘ ਤੇ ਰੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | 'ਆਪ' ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ, ਪੁਖ਼ਤਾ ਪ੍ਰਬੰਧਾਂ ਸਦਕਾ ਸਾਰੇ ਧਾਰਮਿਕ ਸਮਾਗਮ ਵਧੀਆ ਤਰੀਕੇ ਨਾਲ ਨੇਪਰੇ ਚੜ੍ਹੇ ਹਨ, ਤੇ ਸੰਗਤਾਂ ਵਲੋਂ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਦੀ ਧਰਤੀ ਦਾ ਵਿਕਾਸ ਕਰਾਉਣ ਲਈ ਵਚਨਵੱਧ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਵੀ ਹਲਕੇ ਦਾ ਚਹੁੰ ਤਰਫ਼ਾ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੁਆਰਾ ਸ਼ਹੀਦੀ ਸਭਾ ਦੇ ਪ੍ਰਬੰਧਾਂ ਦੀ ਆਪ ਅਗਵਾਈ ਕੀਤੀ ਗਈ ਤੇ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਿਹਤ ਸਹੂਲਤਾਂ, ਸੁਰੱਖਿਆ ਦੇ ਪ੍ਰਬੰਧ, ਆਦਿ ਪਹਿਲ ਦੇ ਅਧਾਰ ਤੇ ਕੀਤੇ ਗਏ, ਜਿਨ੍ਹਾਂ ਸਦਕਾ ਸ਼ਹੀਦੀ ਸਭਾ 'ਚ ਆਉਣ ਵਾਲੀ ਸੰਗਤ ਨੂੰ ਵਧੀਆ ਸੁਵਿਧਾ ਮਿਲ ਸਕੀ | ਇਸ ਮੌਕੇ ਆਗੂਆਂ ਦੁਆਰਾ ਆਈਆਂ ਸੰਗਤਾਂ ਤੇ ਸ਼੍ਰੋਮਣੀ ਕਮੇਟੀ ਤੇ ਮੁਲਾਜ਼ਮਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ |