ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਬਲਜਿੰਦਰ ਸਿੰਘ)-ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਲੱਗੀ ਸ਼ਹੀਦੀ ਸਭਾ ਬੇਸ਼ੱਕ 27 ਦਸੰਬਰ ਨੂੰ ਧਾਰਮਿਕ ਰਿਵਾਇਤਾਂ ਅਨੁਸਾਰ ਸੰਪੂਰਨ ਹੋ ਗਈ ਹੈ, ਪਰ ਸ਼ਹੀਦਾਂ ਨੂੰ ਅਕੀਦਤ ਭੇਟ ਕਰਨ ਲਈ ਸੰਗਤਾਂ ਦੀ ਆਮਦ ਨਿਰੰਤਰ ਜਾਰੀ ਹੈ | ਇਸੇ ਦੌਰਾਨ ਅੱਜ ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਹੀਨਾ ਕਾਵਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿਸ਼ਵ ਇਤਿਹਾਸ ਦੀ ਸਭ ਤੋਂ ਵੱਡੀ ਕੁਰਬਾਨੀ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਕਾਵਰੇ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਜੋ ਸ਼ਹਾਦਤ ਦਿੱਤੀ, ਉਹ ਹਰੇਕ ਇਨਸਾਨ ਲਈ ਹਮੇਸ਼ਾ ਪ੍ਰੇਰਨਾ ਦਾ ਸ੍ਰੋਤ ਬਣੀ ਰਹੇਗੀ | ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ, ਐਡਵੋਕੇਟ ਧਰਮਿੰਦਰ ਸਿੰਘ ਨਬੀਪੁਰ, ਗੁਲਸ਼ਨ ਰਾਏ ਅਤੇ ਜਸਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਥਾਨਕ ਆਗੂ ਤੇ ਵਰਕਰ ਹਾਜ਼ਰ ਸਨ |