ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ ਜਾਂ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿਚ ਲੱਗੇ ਪੁਰਾਣੇ ਮੈਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ | ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀ ਹੁਕਮ ਜ਼ਿਲ੍ਹੇ ਵਿਚ 28 ਫਰਵਰੀ 2026 ਤੱਕ ਲਾਗੂ ਰਹਿਣਗੇ |