ਧਾਰੀਵਾਲ, 2 ਜੂਨ (ਸਵਰਨ ਸਿੰਘ)-ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਛੁੱਟੀਆਂ ਹੋਣਾ 'ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ' ਦੇ ਸੰਘਰਸ਼ ਦਾ ਨਤੀਜਾ ਹੈ | ਇਸ ਗੱਲ ਦਾ ਪ੍ਰਗਟਾਵਾ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਕੀਤਾ | ਉਨ੍ਹਾਂ ਦੱਸਿਆ ਕਿ ਲੰਮੇ ਸਮੇਂ ਤੋਂ ਜਥੇਬੰਦੀ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਵਿਭਾਗ ਵਲੋਂ ਛੁੱਟੀਆਂ ਅਤੇ ਸਮਾਂਸਾਰਨੀ ਸਕੂਲ ਦੀ ਤਰਜ਼ 'ਤੇ ਲਾਗੂ ਹੋਣਾ ਚਾਹੀਦਾ ਹੈ ਤਾਂ ਜੋ ਸਕੂਲ ਵਿਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ, ਜਿਸ 'ਤੇ ਚਲਦਿਆਂ ਜਥੇਬੰਦੀ ਵਲੋਂ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗਾਂ ਕੀਤੀਆਂ ਤੇ ਹੁਣ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪੱਤਰ ਰਾਹੀਂ ਹੁਕਮ ਜਾਰੀ ਕੀਤੇ ਹਨ ਕਿ ਆਂਗਣਵਾੜੀ ਕੇਂਦਰਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਕੈਲੰਡਰ ਅਨੁਸਾਰ ਗਰਮੀਆਂ ਤੇ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਇਹ ਵੀ ਕਿਹਾ ਕਿ ਜੇਕਰ ਕੋਈ ਕੁਦਰਤੀ ਆਫਤ, ਮੌਸਮ ਦੀ ਖਰਾਬੀ ਜਾਂ ਕਾਨੂੰਨ ਵਿਵਸਥਾ/ਅਣਸੁਖਾਵੇਂ ਹਲਾਤਾਂ ਦੀ ਸਥਿਤੀ ਵਿਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਕੀਤੀ ਜਾਂਦੀ ਹੈ ਤਾਂ ਇਹ ਆਂਗਣਵਾੜੀ ਕੇਂਦਰਾਂ 'ਤੇ ਵੀ ਲਾਗੂ ਹੋਵੇਗੀ | ਉਕਤ ਆਗੂਆਂ ਨੇ ਦੱਸਿਆ ਕਿ ਦੂਜੇ ਸ਼ਨੀਵਾਰ ਸਕੂਲਾਂ ਵਿਚ ਛੁੱਟੀ ਹੋਣ ਕਾਰਨ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ 'ਤੇ ਬੱਚਿਆਂ ਦੀ ਹਾਜ਼ਰੀ ਲਗਾਉਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਲਈ ਇਸ ਸਬੰਧ ਵਿਚ ਵਿਭਾਗ ਅਤੇ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਹਰ ਮੀਟਿੰਗ ਵਿਚ ਮੰਗ ਕੀਤੀ ਜਾ ਰਹੀ ਸੀ ਕਿ ਵਿਭਾਗ ਵਲੋਂ ਇਸ ਸਬੰਧੀ ਚਿੱਠੀ ਜਾਰੀ ਕੀਤੀ ਜਾਵੇ, ਜਿਸ ਦੇ ਚਲਦਿਆਂ ਹੁੁਣ ਆਂਗਣਵਾੜੀ ਕੇਂਦਰਾਂ ਵਿਚ ਦੂਜੇ ਸ਼ਨੀਵਾਰ ਦੀ ਵੀ ਛੁੱਟੀ ਰਿਹਾ ਕਰੇਗੀ |