ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ ਵੀ ਮੌਜੂਦ ਸਨ | ਸ੍ਰੀ ਵਰੁਣ ਰੂਜ਼ਮ ਤੇ ਸ੍ਰੀ ਬਸੰਤ ਗਰਗ ਵਲੋਂ ਸਭ ਤੋਂ ਪਹਿਲਾਂ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਗਈ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ | ਸ੍ਰੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਇਹ ਯਕੀਨੀ ਬਣਾਉਣ ਕਿ ਪੰਜਾਬ ਸਰਕਾਰ ਵਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਹਰ ਲੋੜਵੰਦ ਤੱਕ ਪਹੁੰਚੇ | ਉਨ੍ਹਾਂ ਕਿਹਾ ਕਿ ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਹੋਰ ਵੀ ਚੁਣੌਤੀਆਂ ਆਉਣਗੀਆਂ, ਜਿਸ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਤਿਆਰ ਰਹੇ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਕੀਤੇ ਗਏ ਬਚਾਅ ਕਾਰਜਾਂ ਦੀ ਸ਼ਲਾਘਾ ਵੀ ਕੀਤੀ | ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ 'ਚ ਦਿਨ-ਰਾਤ ਲੱਗੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵਲੋਂ ਹਰ ਲੋੜਵੰਦ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਤੋਂ ਬਾਅਦ ਸੀਨੀਅਰ ਸ੍ਰੀ ਵਰੁਣ ਰੂਜ਼ਮ ਤੇ ਬਸੰਤ ਗਰਗ ਵਲੋਂ ਹੜ੍ਹ ਕਾਰਨ ਡੇਰਾ ਬਾਬਾ ਨਾਨਕ ਦੇ ਨਾਲ ਲਗਦੇ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ |