ਕਲਾਨੌਰ/ਡੇਰਾ ਬਾਬਾ ਨਾਨਕ, 3 ਸਤੰਬਰ (ਪੁਰੇਵਾਲ, ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਕੋਲੋਂ ਜਿੱਥੇ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦੀ ਮੰਗ ਰੱਖੀ ਹੈ, ਉੱਥੇ ਨਾਲ ਹੜ੍ਹ ਨਾਲ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਦੀ ਵੀ ਮੰਗ ਕੀਤੀ ਹੈ | ਉਨ੍ਹਾਂ ਨੇ ਰਾਜਪਾਲ ਜ਼ਰੀਏ ਕੇਂਦਰ ਸਰਕਾਰ ਕੋਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਆਰਥਿਕ ਸਹਾਇਤਾ ਦਾ ਪੈਕੇਜ ਮੰਗਿਆ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਪਾਵਨ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਬਣੇ ਕਾਰੀਡੋਰ ਨੂੰ ਵੀ ਹੜ੍ਹਾਂ ਕਾਰਨ ਵੱਡਾ ਨੁਕਸਾਨ ਪਹੁੰਚਿਆ ਹੈ | ਸਮੂਹ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਕਰਕੇ ਇਸ ਨੂੰ ਮੁੜ ਖੋਲਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਨੂੰ ਪੂਰੀ ਉਮੀਦ ਹੈ ਕਿ ਸੰਕਟ ਦੀ ਇਸ ਘੜੀ ਵਿਚ ਆਪ ਜੀ ਸਾਡੀ ਆਵਾਜ਼ ਨੂੰ ਕੇਂਦਰ ਸਰਕਾਰ ਤੱਕ ਜ਼ਰੂਰ ਪਹੁੰਚਾਉਗੇ |