ਧਾਰੀਵਾਲ, 4 ਸਤੰਬਰ (ਸਵਰਨ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੀ ਸਰਪ੍ਰਸਤੀ ਹੇਠ, ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੇ ਦਿਸ਼ਾ-ਨਿਰਦੇਸ਼ ਹੇਠ ਸਮੂਹ ਸਟਾਫ਼ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਮੀਟਿੰਗ ਵਿਚ ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਪਿ੍ੰਸੀਪਲ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣਾ ਹਮੇਸ਼ਾ ਪੰਜਾਬੀਆਂ ਦਾ ਮੁਕੱਦਰ ਰਿਹਾ ਹੈ | ਇਸ ਮੁਸ਼ਕਿਲ ਸਮੇਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹਾਂ ਦੀ ਮਾਰ ਨਾਲ ਜੂਝ ਰਹੇ ਪੰਜਾਬੀਆਂ ਦੀ ਹਰ ਸੰਭਵ ਸਹਾਇਤਾ ਲਈ ਤਤਪਰ ਹੈ | ਮੀਟਿੰਗ 'ਚ ਸਮੂਹ ਸਟਾਫ਼ ਮੈਂਬਰਾਂ ਦੀ ਸਹਿਮਤੀ ਨਾਲ ਆਪਣੀ ਇਕ ਦਿਨ ਦੀ ਤਨਖਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹਤ ਫੰਡ 'ਚ ਤੇ ਇਕ ਦਿਨ ਦੀ ਤਨਖਾਹ ਨੇੜਲੇ ਭਵਿੱਖ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਮੁੜ ਵਸੇਬੇ ਲਈ ਜ਼ਰੂਰੀ ਵਰਤੋਂ ਦੇ ਸਾਮਾਨ ਲਈ ਦੇਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |