ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੀਆਂ ਸਮੂਹ ਸੇਵਾ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਹਤ ਸਮੱਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਦੀ ਰਾਹਤ ਸਮੱਗਰੀ ਲੋੜਵੰਦਾਂ ਦੇ ਹੱਥਾਂ ਤੱਕ ਪਹੁੰਚ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ ਤੇ ਹੜ੍ਹਾਂ ਦੇ ਸੰਕਟ ਦੌਰਾਨ ਵੀ ਪੂਰੇ ਪੰਜਾਬ ਦੇ ਲੋਕ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਸ਼ਰਧਾ ਤੇ ਭਾਵਨਾ ਨਾਲ ਸੇਵਾ ਕਰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਲਿਆਂਦੀ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾਨੀਆਂ ਦਾ ਦਿਲੋਂ ਧੰਨਵਾਦ ਤੇ ਸਤਿਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮਾਜ ਸੇਵੀ ਸੰਸਥਾਵਾਂ ਰਾਹਤ ਸਮਗਰੀ ਦੇਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਲੈਣ ਤਾਂ ਉਨ੍ਹਾਂ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਿਸ ਇਲਾਕੇ ਵਿਚ ਮਦਦ ਦੀ ਜ਼ਿਆਦਾ ਜ਼ਰੂਰਤ ਹੈ ਅਤੇ ਹੜ੍ਹ ਪੀੜਤਾਂ ਦੀਆਂ ਲੋੜਾਂ ਕੀ ਹਨ | ਉਨ੍ਹਾਂ ਕਿਹਾ ਕਿ ਜੇਕਰ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਉਹ ਵਸਤਾਂ ਉਨ੍ਹਾਂ ਨੂੰ ਦਿੱਤੀਆਂ ਜਾਣ ਤਾਂ ਇਸ ਦਾ ਜ਼ਿਆਦਾ ਲਾਭ ਪਹੁੰਚੇਗਾ ਅਤੇ ਸੇਵਾ ਕਰਨ ਵਾਲਿਆਂ ਦੀ ਸੇਵਾ ਵੀ ਸਫਲ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ | ਇਸ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਆਰ.ਟੀ.ਓ. ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਦਾ ਸੰਪਰਕ ਨੰਬਰ 96469-62024 ਹੈ | ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਵੰਡਣ ਤੋਂ ਪਹਿਲਾਂ ਉਨ੍ਹਾਂ ਨਾਲ ਸੰਪਰਕ ਜ਼ਰੂਰ ਕਰ ਲਿਆ ਜਾਵੇ ਤਾਂ ਜੋ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਜਾਣਕਾਰੀ ਤੇ ਸਹਿਯੋਗ ਦਿੱਤਾ ਜਾ ਸਕੇ |