16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕਿ੍ਪਾਲ ਸਿੰਘ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 06-09-2025
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਸੀਨੀਅਰ ਆਈ.ਏ.ਐੱਸ ਅਧਿਕਾਰੀ ਗੁਰਕਿਰਤ ਕਿ੍ਪਾਲ ਸਿੰਘ ਵਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹ ਮਕੌੜਾ ਪੱਤਨ ਦੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਵਿਖੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ | ਇਸੇ ਦੌਰਾਨ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਰਾਹਤ ਸਮਗਰੀ ਵੀ ਵੰਡੀ ਗਈ | ਇਸ ਤੋਂ ਬਾਅਦ ਗੁਰਕਿਰਤ ਕਿ੍ਪਾਲ ਸਿੰਘ ਵਲੋਂ ਝਬਕਰਾ ਅਤੇ ਗਾਹਲੜੀ ਪਿੰਡ ਵਿਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਘਰਾਂ ਦਾ ਮੁਆਇਨਾ ਵੀ ਕੀਤਾ ਅਤੇ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਗੁਰਕਿਰਤ ਕਿ੍ਪਾਲ ਸਿੰਘ ਨੇ ਕਿਹਾ ਕਿ ਭਾਵੇਂ ਹੜ੍ਹਾਂ ਦਾ ਇਹ ਸੰਕਟ ਵੱਡਾ ਹੈ | ਪਰ ਅਸੀਂ ਸਭ ਮਿਲ ਕੇ ਇਸ ਉੱਪਰ ਕਾਬੂ ਪਾ ਲਵਾਂਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਤੇ ਬਚਾਅ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਵਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਵਿਸ਼ੇਸ਼ ਤੌਰ 'ਤੇ ਫੌਗਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਹੜ੍ਹ ਪ੍ਰਭਾਵਿਤ ਪਿੰਡ ਵਿਚ ਮੌਜੂਦ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਯ ਗੁਪਤਾ, ਸਹਾਇਕ ਕਮਿਸ਼ਨਰ ਕੁਲਦੀਪ ਚੰਦ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੇ 2 ਮੋਟਰਸਾਈਕਲ ਬਰਾਮਦ- 3 ਗਿ੍ਫ਼ਤਾਰ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦਾਨੀ ਸੱਜਣ ਜਾਂਚ-ਪਰਖ ਕੇ ਹੀ ਸਹਾਇਤਾ ਕਰਨ- ਬਾਬਾ ਬੇਦੀ, ਸ਼ਾਮਪੁਰਾ
Ad Position 24