ਪਠਾਨਕੋਟ, 6 ਸਤੰਬਰ (ਸੰਧੂ)-ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਠਾਨਕੋਟ ਸਥਿਤ ਅਸ਼ਵਨੀ ਸ਼ਰਮਾ ਦੇ ਘਰ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵੱਡੇ ਭਰਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ | ਦੁੱਖ ਜ਼ਾਹਿਰ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬੱਬੇਹਾਲੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸੁਰਿੰਦਰ ਸਿੰਘ ਕੰਵਰ ਮਿੰਟੂ ਜ਼ਿਲ੍ਹਾ ਪ੍ਰਧਾਨ ਪਠਾਨਕੋਟ, ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਯੂਥ ਪ੍ਰਧਾਨ ਪਠਾਨਕੋਟ, ਹਰਪ੍ਰੀਤ ਸਿੰਘ ਰਾਜਾ, ਗੁਰਮੀਤ ਸਿੰਘ ਕਾਹਲੋਂ, ਮੋਹਨ ਸਿੰਘ ਆਦਿ ਹਾਜ਼ਰ ਸਨ |