ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਸਵੇਰ ਦੀ ਸਭਾ ਦੇ ਮੌਕੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਨੇ ਵਿਚਾਰਾਂ ਨਾਲ ਕੀਤੀ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਤੇ ਪੰਜਾਬੀ ਪਹਿਰਾਵਾ ਪਹਿਨਣ ਨੂੰ ਮਹੱਤਤਾ ਦੇਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਵਿਦਵਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਜਾਣਦਾ ਹੈ ਤੇ ਆਪਣੀ ਮਾਂ ਬੋਲੀ ਤੇ ਸੱਭਿਆਚਾਰ ਦੀ ਭਾਸ਼ਾ ਨਹੀਂ ਜਾਣਦਾ | ਉਹ ਗੁਲਾਮ ਹੈ, ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਉਪਰ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਦੇਸ਼ ਭਰ 'ਚ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਸ਼ਾਲਾਘਾਯੋਗ ਹੈ | ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ 'ਚੋਂ ਹਨ, ਜਿਨਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀ ਤੇ ਸਮੂਹ ਸਟਾਫ਼ ਮੈਂਬਰ ਪੰਜਾਬੀ ਪਹਿਰਾਵੇ 'ਚ ਆਏ | ਵਿਦਿਆਰਥੀਆਂ ਵਲੋਂ ਪੰਜਾਬੀ ਮਾਂ ਬੋਲੀ ਦੇ ਵਾਰਿਸ ਹੋਣ ਦੇ ਨਾਤੇ ਵਿਸ਼ਵ ਪੰਜਾਬੀ ਦਿਵਸ ਨਾਲ ਸਬੰਧਿਤ ਸੱਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮੈਡਮ ਹਰਪ੍ਰੀਤ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਚੇਅਰਮੈਨ ਨਰੋਤਮ ਸਿੰਘ, ਉਪ ਚੇਅਰਮੈਨ ਨਵਤੇਜ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |