ਕਾਦੀਆਂ, 24 ਸਤੰਬਰ (ਹਰਦੀਪ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਕੋਟਲਾ ਵਿਖੇ 'ਨਸ਼ਾ ਮੁਕਤੀ ਯਾਤਰਾ' ਦੌਰਾਨ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਹੁੰ ਵੀ ਚੁਕਾਈ ਗਈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ | ਇਸ ਮੌਕੇ ਐਸ.ਐਚ.ਓ. ਗੁਰਮੀਤ ਸਿੰਘ, ਐਸ.ਡੀ.ਓ. ਨਿਰਮਲ ਸਿੰਘ, ਕੈਪਟਨ ਨਰਿੰਦਰ ਸਿੰਘ, ਡਾ. ਜਗਦੀਸ਼ ਸਿੰਘ ਰਜਾਦਾ, ਮਲਕੀਤ ਸਿੰਘ ਨਾਥਪੁਰ, ਗੁਰਵਿੰਦਰ ਸਿੰਘ ਬੁੱਟਰ ਕਲਾਂ, ਮਿੰਟੂ ਤੱਤਲਾ, ਹੰਸਪਾਲ ਨਿੱਕੂ, ਕੁਲਦੀਪ ਸਿੰਘ ਧਾਰੀਵਾਲ ਸਮੇਤ ਪਿੰਡ ਵਾਸੀ ਮੌਜੂਦ ਸਨ |