ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਗਈ ਹੈ ਤੇ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕਿ੍ਆ ਨੂੰ ਪਾਰਦਰਸ਼ੀ ਬਣਾਇਆ ਗਿਆ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ 'ਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ 'ਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਮੰਡੀ 'ਚ ਫਸਲ ਵੇਚਣ ਆਏ ਪਿੰਡ ਦਾਦੂਵਾਲ ਦੇ ਸਰਪੰਚ ਸਰਵਣ ਸਿੰਘ ਦੀ ਫਸਲ ਦੀ ਮੌਕੇ 'ਤੇ ਬੋਲੀ ਕਰਵਾ ਕੇ ਪੂਰੇ ਸਰਕਾਰੀ ਰੇਟ 2389 ਰੁਪਏ ਵਿਚ ਚੁਕਵਾਈ | ਉਨ੍ਹਾਂ ਮੰਡੀ 'ਚ ਆਏ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਸੈਕਟਰੀ ਸੁੱਖ ਸਿਮਰਨਜੀਤ ਸਿੰਘ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਅਵਤਾਰ ਸਿੰਘ ਗੋਰਾਇਆ, ਆਸ਼ੂ ਅਗਰਵਾਲ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਬਾਊ ਤਿਲਕ ਰਾਜ, ਜਰਨੈਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ |