ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਇਕ ਵਾਰ ਫਿਰ ਆਪਣੇ ਲੋਕਾਂ ਦੇ ਹਿੱਤ ਵਿਚ ਆਵਾਜ਼ ਬੁਲੰਦ ਕੀਤੀ ਹੈ | ਅੱਜ ਵਿਧਾਨ ਸਭਾ ਸ਼ੈਸਨ ਵਿਚ ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਪੀੜਤਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਵਿਰੋਧੀਆਂ ਨੂੰ ਕਰੜੇ ਹੱਥੀਂ ਲਿਆ ਹੈ | ਵਿਧਾਨ ਸਭਾ ਵਿਚ ਜ਼ੋਰਦਾਰ ਢੰਗ ਨਾਲ ਆਪਣੀ ਗੱਲ ਰੱਖਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜ਼ਿਲ੍ਹੇ ਗੁਰਦਾਸਪੁਰ ਵਿਚ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਹੈ ਅਤੇ ਇਨ੍ਹਾਂ ਹੜ੍ਹਾਂ ਨੇ ਪਿਛਲੇ ਸਾਲਾਂ ਜਿਵੇਂ 1988 ਵਿਚ ਹੜ੍ਹ ਆਏ ਸਨ, ਨੂੰ ਵੀ ਪਿਛੇ ਛੱਡ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਭਿਆਨਕ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਕਰੀਬ 343 ਪਿੰਡ ਪ੍ਰਭਾਵਿਤ ਹੋਏ ਹਨ (ਸਰਵੇ ਜਾਰੀ ਹੈ, ਪ੍ਰਭਾਵਿਤ ਪਿੰਡਾਂ ਦੀ ਗਿਣਤੀ ਵਧ ਸਕਦੀ ਹੈ ਅਤੇ ਹੁਣ ਤੱਕ ਕੀਤੇ ਗਏ ਸਰਵੇ ਤਹਿਤ ਕਰੀਬ 2 ਹਜ਼ਾਰ 225 ਘਰਾਂ ਨੂੰ ਨੁਕਸਾਨ ਪੁੱਜਾ ਹੈ | ਹੜ੍ਹਾਂ ਕਾਰਨ ਕਰੀਬ 1 ਲੱਖ ਏਕੜ ਰਕਬੇ ਵਿਚ ਝੋਨੇ ਦੀ ਫ਼ਸਲ ਨੁਕਸਾਨੀ ਗਈ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪਸ਼ੂਆਂ ਦਾ ਬਹੁਤ ਜਾਨੀ ਨੁਕਸਾਨ ਹੋਇਆ ਹੈ | ਇਸ ਨਾਲ ਇਨ੍ਹਾਂ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਕਿਉਂਕਿ ਸਹਾਇਕ ਕਿੱਤਿਆਂ ਨਾਲ ਇਹ ਲੋਕ ਆਪਣਾ ਜੀਵਨ ਨਿਰਬਾਹ ਕਰਦੇ ਸਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰਾਵੀ ਦਰਿਆ ਨੇੜਲੇ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਨ੍ਹਾਂ ਵਿਚ ਠੇਠਰਕੇ, ਮਨਸੂਰ, ਸ਼ਹਿਜਾਦਾ ਆਦਿ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਰਾਵੀ ਦਰਿਆ ਤੋਂ ਪਾਰਲੇ 7 ਪਿੰਡਾਂ ਵਿਚ ਫ਼ਸਲਾਂ ਤੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਹੈ | ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਝੋਨੇ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਗਈਆਂ ਹਨ, ਖੇਤੀ ਮਸ਼ੀਨਰੀ ਨੁਕਸਾਨੀ ਗਈ ਹੈ | ਟਿਊਬਵੈੱਲ ਖ਼ਰਾਬ ਹੋ ਗਏ ਹਨ ਤੇ ਟਰੈਕਟਰਾਂ ਨੁਕਸਾਨੇ ਗਏ ਹਨ, ਘਰਾਂ ਨੂੰ ਬਹੁਤ ਨੁਕਸਾਨ ਪੁੱਜਾ ਹੈ | ਘਰਾਂ ਵਿਚ ਤਰੇੜਾਂ ਪੈ ਗਈਆਂ ਹਨ | ਉਨ੍ਹਾਂ ਕਸਬਾ ਕਲਾਨੌਰ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਥੋਂ ਦੀ ਕਰੀਬ 1300 ਏਕੜ ਪੰਚਾਇਤੀ ਜ਼ਮੀਨ ਵਿਚਲੀ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ | ਕਿਸਾਨਾਂ ਦੀ ਮੰਗ ਸੀ ਕਿ ਇਸ ਸਾਲ ਜ਼ਮੀਨ ਦਾ ਠੇਕਾ ਮਾਫ਼ ਕਰ ਦਿੱਤਾ ਜਾਵੇ | ਇਸ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਪੰਜਾਬ ਨਾਲ ਗੱਲ ਹੋਈ ਹੈ, ਉਨ੍ਹਾਂ ਨੇ ਕਿਸਾਨਾਂ ਦੀ ਬਾਂਹ ਫੜਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਕੂਲਾਂ ਤੇ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ | ਸਕੂਲਾਂ ਵਿਚ ਮਿੱਟੀ ਤੇ ਗਾਰ ਭਰ ਜਾਣ ਨਾਲ ਸਕੂਲਾਂ ਕਮਰੇ ਨੁਕਸਾਨੇ ਗਏ ਹਨ | ਉਨ੍ਹਾਂ ਕਿਹਾ ਕਿ ਜਦ ਮੁੱਖ ਮੰਤਰੀ ਪੰਜਾਬ ਦੀਨਾਨਗਰ ਵਿਖੇ ਹੜ੍ਹ ਪੀੜਤਾਂ ਨੂੰ ਮਿਲਣ ਆਏ ਸਨ ਤਾਂ ਲੋਕਾਂ ਨੇ ਉਨ੍ਹਾਂ ਕੋਲ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਖੇਤਾਂ ਵਿਚ ਰੇਤ ਚੜ੍ਹ ਗਈ ਹੈ, ਉਸ ਨੂੰ ਖੁਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪੰਜਾਬ ਦੇ ਹਰਮਨ ਪਿਆਰੇ, ਮਹਿਬੂਬ ਨੇਤਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹੀ ਅਤੇ ਲੋਕਾਂ ਦੇ ਮੁੜ ਵਸੇਬੇ ਤੱਕ ਨਾਲ ਖੜਨ ਦੀ ਵਚਨਬੱਧਤਾ ਨਿਭਾਈ |