ਤਾਰਾਗੜ੍ਹ, 27 ਸਤੰਬਰ (ਸੋਹਨ ਲਾਲ)-ਹੜ੍ਹਾਂ ਤੋਂ ਬਾਅਦ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪੇ੍ਰਸ਼ਾਨੀ ਨਾ ਆਵੇ, ਇਸ ਲਈ ਆਮ ਆਦਮੀ ਪਾਰਟੀ ਦੇ ਕਾਰਜਕਰਤਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਬੇਗੋਵਾਲ ਤਾਰਾਗੜ੍ਹ ਵਿਖੇ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਕੀਤਾ | ਇਸ ਮੌਕੇ ਬਲਜਿੰਦਰ ਸਿੰਘ ਬੰਟੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਪਠਾਨਕੋਟ, ਰੌਸ਼ਨ ਭਗਤ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਪਠਾਨਕੋਟ, ਰਵੀ ਕੁਮਾਰ ਬਲਾਕ ਪ੍ਰਧਾਨ, ਸੰਜੀਵ ਮੀਡੀਆ ਇੰਚਾਰਜ, ਕੁਲਜੀਤ ਸੈਣੀ ਮੀਡੀਆ ਇੰਚਾਰਜ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜ਼ਰ ਸਨ | ਇਸ ਮੌਕੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਭੋਆ ਦੇ ਕਾਫੀ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਸਨ | ਲੋਕਾਂ ਤੱਕ ਹਰ ਸੰਭਵ ਰਾਹਤ ਪਹੁੰਚਾਈ ਗਈ ਅਤੇ ਹੁਣ ਵੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਹੜ੍ਹ ਆਉਣ ਤੋਂ ਲੈ ਕੇ ਹੁਣ ਤੱਕ ਸਿਹਤ ਵਿਭਾਗ ਵਲੋਂ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ ਇਨ੍ਹਾਂ ਮੈਗਾ ਮੈਡੀਕਲ ਕੈਂਪਾਂ ਤੋਂ ਅਪਣਾ ਫ੍ਰੀ ਵਿਚ ਇਲਾਜ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸੈਸ਼ਨ ਬੁਲਾਇਆ ਗਿਆ ਹੈ, ਜਿੱਥੇ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਆਉਣ ਵਾਲੀਆਂ ਪੇ੍ਰਸ਼ਾਨੀਆਂ ਨੂੰ ਦੂਰ ਕਰਨ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ 'ਤੇ ਚਰਚਾ ਕੀਤੀ ਜਾ ਰਹੀ ਹੈ |